ਸ਼ੁਤਰਾਣਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਹਰਿਆਣਾ ਨਾਲ ਲੱਗਦੀ ਹੱਦ ਉੱਤੇ ਨਾਕੇਬੰਦੀ ਤੋਂ ਘਬਰਾ ਕੇ ਹਰਿਆਣਾ ਤੋਂ ਪੰਜਾਬ ਨਸ਼ੀਲੀਆਂ ਗੋਲੀਆਂ ਲੈ ਕੇ ਆ ਰਿਹਾ ਵਿਅਕਤੀ ਗੋਲੀਆਂ ਨਾਲ ਭਰਿਆ ਥੈਲਾ ਸੜਕ 'ਤੇ ਸੁੱਟ ਕੇ ਫਰਾਰ ਹੋ ਗਿਆ ਹੈ। ਜਿਸ ਨੂੰ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਬਰਾਮਦ ਕਰ ਲਿਆ ਹੈ। ਮਾਮਲੇ ਸਬੰਧੀ ਪਾਤੜਾਂ ਪੁਲਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਣਵੀਰ ਸਿੰਘ ਨੇ ਦੱਸਿਆ ਕਿ ਗੁਲਜ਼ਾਰਪੁਰਾ ਠਰੂਆ ਪੁਲਿਸ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਅੰਤਰਰਾਜੀ ਨਾਕੇਬੰਦੀ ਕੀਤੀ ਹੋਈ ਸੀ।
ਸੰਬੰਧਿਤ ਖ਼ਬਰਾਂ
ਇਸ ਦੌਰਾਨ ਹਰਿਆਣਾ ਵਾਲੇ ਪਾਸੇ ਤੋਂ ਕੋਈ ਅਣਪਛਾਤਾ ਵਿਅਕਤੀ ਨਸ਼ੀਲੀਆਂ ਗੋਲੀਆਂ ਲੈ ਕੇ ਆ ਰਿਹਾ ਸੀ ਜੋ ਪੁਲਿਸ ਨੂੰ ਦੇਖ ਕੇ ਗੋਲੀਆਂ ਵਾਲਾ ਥੈਲਾ ਸੜਕ ਕਿਨਾਰੇ ਸੁੱਟ ਕੇ ਭੱਜ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਥੈਲਾ ਬਰਾਮਦ ਕੀਤਾ, ਜਿਸ ਵਿਚੋਂ 2540 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸਬੰਧੀ ਪਾਤੜਾਂ ਪੁਲਿਸ ਨੇ ਨਸ਼ਾ ਵਿਰੋਧੀ ਕਾਨੂੰਨ ਤਹਿਤ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।






