ਕਪੂਰਥਲਾ : ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ ਮੌਕੇ ਸਥਾਨਕ ਡਾ. ਬੀ. ਆਰ ਅੰਬੇਡਕਰ ਭਵਨ ਵਿਖੇ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨਾਂ ਡਾ. ਅੰਬੇਡਕਰ ਦੇ ਬੁੱਤ ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ। ਇਸ ਮੌਕੇ ਜਿਥੇ ਵਿਸ਼ੇਸ਼ ਤੌਰ 'ਤੇ ਕੇਕ ਕੱਟਿਆ ਗਿਆ ਉਥੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਪ੍ਰਣ ਵੀ ਦਿਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਅੰਬੇਦਕਰ ਵੱਲੋਂ ਸਮਾਨਤਾ ਆਧਾਰਿਤ ਸਮਾਜ ਸਿਰਜਣ ਦੇ ਸੁਨੇਹੇ ਨੂੰ ਅਸੀਂ ਤਾਂ ਹੀ ਸਾਰਥਕ ਕਰ ਸਕਦੇ ਹਾਂ ਜੇਕਰ ਅਸੀਂ ਉਨਾਂ ਦੀ ਸੋਚ 'ਤੇ ਧੁਰ ਅੰਦਰੋਂ ਪਹਿਰਾ ਦਿੰਦਿਆਂ ਇਸ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿਚ ਅਪਣਾਈਏ ਅਤੇ ਹਰ ਸ਼ੋਸ਼ਿਤ ਅਤੇ ਕਮਜ਼ੋਰ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰੀਏ।
ਉਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਸਾਨੂੰ ਸਰਬੋਤਮ ਸੰਵਿਧਾਨ ਲਿਖ ਕੇ ਦਿੱਤਾ ਹੈ ਅਤੇ ਹੁਣ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਇਸ ਸੰਵਿਧਾਨ ਵਿਚ ਮਿਲੇ ਅਧਿਕਾਰਾਂ ਅਤੇ ਫਰਜਾਂ ਨੂੰ ਤਨਦੇਹੀ ਨਾਲ ਮੰਨ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਈਏ। ਉਨਾਂ ਕਿਹਾ ਕਿ ਸੰਵਿਧਾਨ ਵੱਲੋਂ ਮਿਲੇ ਵੋਟ ਦੇ ਅਧਿਕਾਰ ਦੀ ਵਰਤੋਂ ਹੀ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨਾਂ ਕਿਹਾ ਕਿ ਡਾ. ਅੰਬੇਡਕਰ ਨੇ ਦੱਬੇ-ਕੁਚਲੇ ਲੋਕਾਂ ਅਤੇ ਔਰਤਾਂ ਨੂੰ ਬਰਾਬਰੀ ਅਤੇ ਤਰੱਕੀ ਦੇ ਹੱਕ ਦਿਵਾਏ। ਉਨਾਂ ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਇਸ ਹੱਕ ਦਾ ਸਦਉਪਯੋਗ ਕਰਦਿਆਂ ਆਪਣੇ ਪੈਰਾਂ 'ਤੇ ਖੜੀਆਂ ਹੋ ਕੇ ਇਕ ਵਧੀਆ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਦੇਣ।
ਸੰਬੰਧਿਤ ਖ਼ਬਰਾਂ
ਉਨਾਂ ਬੱਚਿਆਂ ਨੂੰ ਵੀ ਪੜ-ਲਿਖ ਕੇ ਉੱਚ ਮੁਕਾਮ ਹਾਸਲ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਵੀ ਡਾ. ਭੀਮ ਰਾਓ ਅੰਬੇਦਕਰ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਮਾਨਤਾ ਦੇ ਸਿਧਾਂਤ ਦੀ ਵਿਆਖਿਆ ਕਰਦਿਆਂ ਉਨਾਂ ਨੂੰ ਇਕ ਯੁੱਗ ਪਲਟਾਊ ਇਨਸਾਨ ਦੱਸਿਆ। ਇਸ ਤੋਂ ਪਹਿਲਾਂ ਜ਼ਿਲਾ ਭਲਾਈ ਅਫ਼ਸਰ ਰਜਿੰਦਰ ਸਿੰਘ ਅਤੇ ਡਾ. ਅੰਬੇਦਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਢੋਡ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਦੇ ਵਿਦਿਆਰਥੀਆਂ ਵੱਲੋਂ ਡਾ. ਅੰਬੇਡਕਰ ਦੇ ਜੀਵਨ ਤੇ ਫਲਸਫ਼ੇ ਨੂੰ ਦਰਸਾਉਂਦੀ ਕੋਰੀਓਗ੍ਰਾਫੀ ਪੇਸ਼ ਕੀਤੀ ਜਦਕਿ ਸਾਕਸ਼ੀ ਵੱਲੋਂ ਗੀਤ ਪੇਸ਼ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸਿਵਲ ਸਰਜਨ ਡਾ. ਬਲਵੰਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਡੀ. ਐਫ. ਐਸ. ਓ ਸ. ਪ੍ਰੀਤ ਕਮਲ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ, ਜ਼ਿਲਾ ਖੇਡ ਅਫ਼ਸਰ ਸ੍ਰੀਮਤੀ ਸਤਿੰਦਰ ਜੀਤ ਕੌਰ, ਜ਼ਿਲਾ ਮੰਡੀ ਅਫ਼ਸਰ ਸ੍ਰੀ ਰਾਜ ਕੁਮਾਰ ਬਸਰਾ, ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਸ੍ਰੀ ਕੁਲਭੂਸ਼ਨ ਗੋਇਲ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ੍ਰੀਮਤੀ ਸਪਨਾ ਗੁਪਤਾ, ਸੀ. ਡੀ. ਪੀ. ਓ ਸ੍ਰੀਮਤੀ ਸਨੇਹ ਲਤਾ, ਪ੍ਰਿੰਸੀਪਲ ਬਲਵਿੰਦਰ ਸਿੰਘ ਬੱਟੂ, ਪ੍ਰੋ. ਅਜੈ ਕੁਮਾਰ, ਸ. ਬਲਵੰਤ ਸਿੰਘ ਬੱਲ, ਸ੍ਰੀ ਮਲਕੀਤ ਸਿੰਘ, ਸ. ਸੁਖਵਿੰਦਰ ਮੋਹਨ ਸਿੰਘ ਭਾਟੀਆ ਅਤੇ ਸ੍ਰੀ ਯੋਗੇਸ਼ ਚੰਦਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। ਮੰਚ ਸੰਚਾਲਨ ਮੈਡਮ ਸੁਨੀਤਾ ਸਿੰਘ ਨੇ ਬਾਖੂਬੀ ਕੀਤਾ।






