ਕਪੂਰਥਲਾ : ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਟ੍ਰੇਨਿੰਗ ਦਿਵਾ ਕੇ ਉਨਾਂ ਨੂੰ ਆਪਣੇ ਪੈਰਾਂ 'ਤੇ ਖੜਾ ਕਰਨ ਲਈ ਜ਼ਿਲੇ ਵਿਚ ਇਕ ਵੱਡੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਬੀ. ਡੀ. ਪੀ. ਓ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਇਸੇ ਮਹੀਨੇ ਇਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ; ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਉਨਾਂ ਦੱਸਿਆ ਕਿ ਇਸ ਟ੍ਰੇਨਿੰਗ ਸੈਂਟਰ ਵਿਚ ਨੌਜਵਾਨਾਂ ਨੂੰ ਇਲੈਕਟ੍ਰੀਸ਼ਨ, ਪਲੰਬਰ, ਏ.ਸੀ ਤੇ ਰੈਫ੍ਰਿਜਰੇਸ਼ਨ ਮਕੈਨਿਕ ਆਦਿ ਦੀ ਟ੍ਰੇਨਿੰਗ ਦਿੱਤੀ ਜਾਵੇਗੀ, ਤਾਂ ਜੋ ਬੇਰੁਜ਼ਗਾਰ ਨੌਜਵਾਨ ਹੁਨਰ ਪ੍ਰਾਪਤ ਕਰਕੇ ਸਵੈ-ਰੁਜ਼ਗਾਰ ਦੇ ਜ਼ਰੀਏ ਆਪਣਾ ਤੇ ਆਪਣੇ ਪਰਿਵਾਰ ਦਾ ਵਧੀਆ ਜੀਵਨ ਨਿਰਬਾਹ ਕਰ ਸਕਣ।
ਸੰਬੰਧਿਤ ਖ਼ਬਰਾਂ
ਇਸ ਦੱਸਿਆ ਕਿ ਮਾਰਕੀਟ ਦੇ ਬਦਲਦੇ ਰੁਝਾਨ ਨੂੰ ਦੇਖਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਵੀ ਫੁੱਲਕਾਰੀ ਅਤੇ ਸਿਲਾਈ-ਕਢਾਈ ਦੀ ਟ੍ਰੇਨਿੰਗ ਦਿੱਤੇ ਜਾਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨਾ ਕਿਹਾ ਕਿ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨੂੰ ਅੱਜਕਲ ਬੜੀ ਸ਼ਿੱਦਤ ਨਾਲ ਪਸੰਦ ਕੀਤਾ ਜਾ ਰਿਹਾ ਹੈ, ਜਿਸ ਨੂੰ ਮੁੱਖ ਰੱਖਦਿਆਂ ਲੜਕੀਆਂ ਨੂੰ ਆਧੁਨਿਕ ਮਸ਼ੀਨਾਂ ਰਾਹੀਂ ਟ੍ਰੇਨਿੰਗ ਦੇਣ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ।
ਇਨਾਂ ਪ੍ਰੋਗਰਾਮਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਨਾਂ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਕੁੰਡਲ, ਬੀ. ਡੀ. ਪੀ. ਓ ਸੁਲਤਾਨਪੁਰ ਲੋਧੀ ਸ. ਗੁਰਪ੍ਰਤਾਪ ਸਿੰਘ ਗਿੱਲ, ਡਾਇਰੈਕਟਰ ਆਰ. ਸੇਟੀ ਸ੍ਰੀ ਪਰਮਜੀਤ ਸਿੰਘ, ਖੇਤੀਬਾੜੀ ਅਫ਼ਸਰ ਸ੍ਰੀ ਅਸ਼ਵਨੀ ਕੁਮਾਰ, ਸੁਪਰਡੈਂਟ ਸ੍ਰੀ ਸਾਹਿਲ ਓਬਰਾਏ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸ੍ਰੀ ਰਾਜੇਸ਼ ਰਾਏ ਤੇ ਹੋਰ ਹਾਜ਼ਰ ਸਨ।






