ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਪੰਜਾਬ' ਸ. ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀਆਂ ਹਦਾਇਤਾਂ 'ਤੇ ਜ਼ਿਲੇ ਵਿਚ ਖਾਣ-ਪੀਣ ਦੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਬਲਵਿੰਦਰ ਜੀਤ ਅਤੇ ਫੂਡ ਸੇਫਟੀ ਅਫ਼ਸਰ ਸ. ਸਤਨਾਮ ਸਿੰਘ 'ਤੇ ਆਧਾਰਿਤ ਸਾਂਝੀ ਟੀਮ ਵੱਲੋਂ ਅੱਜ ਢਿਲਵਾਂ ਵਿਖੇ ਲਗਾਏ ਨਾਕੇ ਦੌਰਾਨ ਭੋਜਨ ਪਦਾਰਥ ਲਿਜਾ ਰਹੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਸੰਬੰਧਿਤ ਖ਼ਬਰਾਂ
ਇਸ ਤੋਂ ਇਲਾਵਾ ਸਿੱਧਵਾਂ ਦੋਨਾ ਇਲਾਕੇ ਵਿਚੋਂ ਵੀ ਭੋਜਨ ਪਦਾਰਥਾਂ ਦੇ ਸੈਂਪਲ ਭਰੇ ਗਏ। ਇਸ ਦੌਰਾਨ ਟੀਮ ਵੱਲੋਂ ਕੁੱਲ 8 ਸੈਂਪਲ ਭਰੇ ਗਏ, ਜਿਨਾਂ ਵਿਚ ਦੁੱਧ, ਸੋਡਾ, ਹਲਦੀ ਪਾਊਡਰ, ਜੈਮ, ਚਾਕਲੇਟ ਅਤੇ ਰਸ ਸ਼ਾਮਿਲ ਸਨ। ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਅੱਜ ਲਏ ਗਏ ਕੁੱਲ 5 ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰੜ ਭੇਜੇ ਜਾ ਰਹੇ ਹਨ। ਉਨਾਂ ਕਿਹਾ ਕਿ ਸੈਂਪਲ ਫੇਲ ਹੋਣ ਦੀ ਸੂਰਤ ਵਿਚ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕਾਂ ਨੂੰ ਸ਼ੁੱਧ ਅਤੇ ਉੱਚ ਕੁਆਲਿਟੀ ਦੇ ਭੋਜਨ ਪਦਾਰਥ ਮੁਹੱਈਆ ਕਰਵਾਉਣੇ ਯਕੀਨੀ ਬਣਾਉਣ ਲਈ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ।






