ਬਠਿੰਡਾ (ਇੰਦਰਜੀਤ ਸਿੰਘ) : ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤ-ਪਾਕਿ ਸਰਹੱਦ ਤੋਂ ਸ਼ੁਰੂ ਹੋਣ ਵਾਲੇ ਕੌਮੀ ਰਾਜ ਮਾਰਗ ਦਾ ਨਾਂ ਬਦਲ ਕੇ 'ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ' ਰੱਖ ਦਿੱਤਾ ਹੈ। ਕੇਂਦਰ ਸਰਕਾਰ ਨੇ ਬਾਕਾਇਦਾ ਨੋਟੀਫ਼ੀਕੇਸ਼ਨ ਜਾਰੀ ਕਰ ਕੇ ਪੰਜਾਬ ਸਰਕਾਰ ਨੂੰ ਇਸ ਵਿਚ ਲੋੜੀਂਦੇ ਕਦਮ ਉਠਾਉਣ ਲਈ ਕਿਹਾ ਹੈ। ਇਹ ਕੌਮੀ ਰਾਜ ਮਾਰਗ ਭਾਰਤ-ਪਾਕਿਸਤਾਨ ਸਰਹੱਦ ਤੋਂ ਡੇਰਾ ਬਾਬਾ ਨਾਨਕ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਗੋਇੰਦਵਾਲ ਸਾਹਿਬ ਤੋਂ ਕਪੂਰਥਲਾ ਲੋਧੀ ਤਕ ਆਉਂਦਾ ਹੈ।
ਸੰਬੰਧਿਤ ਖ਼ਬਰਾਂ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫ਼ੀਕੇਸ਼ਨ ਤੇ ਕੇਂਦਰੀ ਸੜਕ ਆਵਾਜਾਈ ਤੇ ਰਾਜ ਮਾਰਗਾਂ ਬਾਰੇ ਮੰਤਰੀ ਨਿਤਿਨ ਗਡਕਰੀ ਦਾ ਪੱਤਰ ਵੀ ਆਪਣੇ ਫੇਸਬੁੱਕ ਅਕਾਊਂਟ ’ਤੇ ਸ਼ੇਅਰ ਕੀਤਾ ਹੈ। ਬੀਬੀ ਬਾਦਲ ਨੇ ਦੱਸਿਆ ਕਿ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਰਾਸ਼ਟਰੀ ਮਾਰਗ 703ਏਏ ਦਾ ਨਾਂ ਬਦਲ ਕੇ ਰੱਖਣ ਲਈ 13 ਸਤੰਬਰ 2019 ਨੂੰ ਸੜਕੀ ਆਵਾਜਾਈ ਤੇ ਰਾਜ ਮਾਰਗਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ ਸੀ।
ਹੁਣ ਉਨ੍ਹਾਂ ਨੂੰ ਗਡਕਰੀ ਦਾ ਪੱਤਰ ਮਿਲਿਆ ਹੈ ਕਿ ਮੰਤਰਾਲੇ ਨੇ ਉਨ੍ਹਾਂ ਦੀ ਬੇਨਤੀ ਨੂੰ ਮੰਨ ਲਿਆ ਹੈ। ਨਵੇਂ ਰਾਸ਼ਟਰੀ ਰਾਜਮਾਰਗ 703 ਏਏ ਦਾ ਨਾਂ ਬਦਲ ਕੇ ਪਹਿਲੇ ਪਾਤਿਸ਼ਾਹ ਦੇ ਨਾਂ ’ਤੇ ਰੱਖਣ ਦਾ ਫ਼ੈਸਲਾ ਲਿਆ ਹੈ। ਕੇਂਦਰੀ ਮੰਤਰੀ ਗਡਕਰੀ ਦਾ ਇਸ ਬੇਨਤੀ ਨੂੰ ਮੰਨਣ ਲਈ ਧੰਨਵਾਦ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਇਸ ਫੈਸਲੇ ਨੂੰ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਅਤੇ ਕੌਮੀ ਰਾਜ ਮਾਰਗ ਅਥਾਰਟੀ (ਐਨਐਚਏਆਈ) ਨੂੰ ਵੀ ਲੋੜੀਂਦੀ ਕਾਰਵਾਈ ਲਈ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਸੰਗਠਨਾਂ ਨੂੰ ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।






