ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਸਰਦੂਲਗੜ੍ਹ ਦੇ ਪਿੰਡ ਜੋੜਕੀਆਂ ਵਿੱਚ ਦੀਵਾਲੀ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ ਵਿੱਚ ਬਦਲ ਗਈਆਂ ਜਦੋਂ ਇੱਕ ਭਿਆਨਕ ਸੜਕ ਹਾਦਸੇ ਨੇ ਪਿੰਡ ਦੇ ਤਿੰਨ ਨੌਜਵਾਨਾਂ ਦੀਆਂ ਜਿੰਦਗੀਆਂ ਦੀਆਂ ਲੀਰਾਂ ਕਰ ਦਿੱਤੀਆਂ। ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ (25) ਅਤੇ ਹਰਭਜਨ ਸਿੰਘ (25) ਦੁਕਾਨ ਤੇ ਕੰਮ ਖ਼ਤਮ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ ਤੇ ਪਿੰਡ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਨਥੇਹਾ ਪਹੁੰਚੇ ਤਾਂ ਉੱਥੇ ਦੁਕਾਨ ਤੇ ਕੰਮ ਕਰਨ ਵਾਲਾ ਬਲਵਿੰਦਰ ਸਿੰਘ ਉਰਫ਼ ਬੋਘਾ (30) ਵੀ ਉਨ੍ਹਾਂ ਨਾਲ ਮੋਟਰਸਾਈਕਲ ਤੇ ਸਵਾਰ ਹੋ ਗਿਆ, ਅਤੇ ਤਿੰਨੋਂ ਜਣੇ ਪਿੰਡ ਵੱਲ ਚੱਲ ਪਏ। ਪਿੰਡ ਪਹੁੰਚਣ ਤੋਂ ਕੁਝ ਦੂਰੀ ਪਹਿਲਾਂ ਹੀ ਸਾਹਮਣੇ ਤੋਂ ਆ ਰਹੀ ਪਰਾਲੀ ਦੀਆਂ ਗੰਢਾਂ ਨਾਲ ਭਰੀ ਵੱਡੀ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਤਿੰਨੇ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬਲਵਿੰਦਰ ਸਿੰਘ ਉਰਫ਼ ਬੋਘਾ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ, ਜਿਸ ਨਾਲ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ। ਥਾਣਾ ਜੋੜਕੀਆਂ ਦੇ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਪਿੰਡ ਜਟਾਣਾ ਕਲਾਂ ਦੇ ਰਹਿਣ ਵਾਲੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ। ਅੱਜ ਪਿੰਡ ਵਿੱਚ ਤਿੰਨਾਂ ਨੌਜਵਾਨਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਅਤੇ ਇਸ ਦਰਦਨਾਕ ਹਾਦਸੇ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ ਕਿਉਂਕਿ ਸੜਕ ਹਾਦਸੇ ਕਾਰਨ ਦੀਵਾਲੀ ਦੀਆਂ ਖੁਸ਼ੀਆਂ ਗਮ ਵਿੱਚ ਬਦਲ ਗਈਆਂ ਹਨ।
ਦੀਵਾਲੀ ਦੀ ਰਾਤ ਟੁੱਟਿਆ ਇੱਕ ਪਰਿਵਾਰ ਦਾ ਸੁਪਨਾ, ਪਰਾਲੀ ਦੀ ਟਰਾਲੀ ਨੇ ਖੋਹ ਲਏ ਤਿੰਨ ਜਿੰਦਗੀਆਂ
ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਸਰਦੂਲਗੜ੍ਹ ਦੇ ਪਿੰਡ ਜੋੜਕੀਆਂ ਵਿੱਚ ਦੀਵਾਲੀ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ ਵਿੱਚ ਬਦਲ ਗਈਆਂ ਜਦੋਂ ਇੱਕ ਭਿਆਨਕ ਸੜਕ ਹਾਦਸੇ ਨੇ ਪਿੰਡ ਦੇ ਤਿੰਨ ਨੌਜਵਾਨਾਂ ਦੀਆਂ ਜਿੰਦਗੀਆਂ ਦੀਆਂ ਲੀਰਾਂ ਕਰ ਦਿੱਤੀਆਂ।
NRI Post Desk · 17 ਦਿਨ ਪਹਿਲਾਂ · ਅੱਪਡੇਟ 5 ਘੰਟੇ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




