|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਪੋਸਟਰ: ਅਮਰੀਕਾ ਨੂੰ ਲਿਖਿਆ ਪੱਤਰ, ਅੰਦਰ ਕੀ ਲਿਖਿਆ ਹੈ ਜੋ ਹਰ ਪੰਜਾਬੀ ਨੂੰ ਜਾਣਨਾ ਚਾਹੀਦਾ ਹੈ

ਅਮਰੀਕਾ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਐਕਸ ਪਹਿਲਾਂ ਟਵਿੱਟਰ ਰਾਹੀਂ ਸਾਹਮਣੇ ਆਏ ਇਕ ਪੋਸਟਰ ਵਿਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਹੁਣ ਸਿਰਫ ਸੋਸ਼ਲ ਮੀਡੀਆ ਦੀ ਚਰਚਾ ਨਹੀਂ ਰਿਹਾ, ਸਗੋਂ ਇਸ ਨੇ ਕੂਟਨੀਤਕ ਪੱਧਰ 'ਤੇ ਗੰਭ

NRI Post Desk · 74 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਪੋਸਟਰ: ਅਮਰੀਕਾ ਨੂੰ ਲਿਖਿਆ ਪੱਤਰ, ਅੰਦਰ ਕੀ ਲਿਖਿਆ ਹੈ ਜੋ ਹਰ ਪੰਜਾਬੀ ਨੂੰ ਜਾਣਨਾ ਚਾਹੀਦਾ ਹੈ
📷 NRI Post Desk

ਅਮਰੀਕਾ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਐਕਸ ਪਹਿਲਾਂ ਟਵਿੱਟਰ ਰਾਹੀਂ ਸਾਹਮਣੇ ਆਏ ਇਕ ਪੋਸਟਰ ਵਿਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਹੁਣ ਸਿਰਫ ਸੋਸ਼ਲ ਮੀਡੀਆ ਦੀ ਚਰਚਾ ਨਹੀਂ ਰਿਹਾ, ਸਗੋਂ ਇਸ ਨੇ ਕੂਟਨੀਤਕ ਪੱਧਰ 'ਤੇ ਗੰਭੀਰ ਮੋੜ ਲੈ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਅਮਰੀਕਾ ਦੇ ਦਿੱਲੀ ਸਥਿਤ ਦੂਤਾਵਾਸ ਨੂੰ ਪੱਤਰ ਲਿਖ ਕੇ ਆਪਣਾ ਸਖ਼ਤ ਇਤਰਾਜ਼ ਦਰਜ ਕਰਵਾਇਆ ਹੈ। ਇਹ ਪੋਸਟਰ ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਸੀ, ਜਿਸ ਵਿਚ ਮਿਸਟਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਕੇ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਅਤੇ ਆਰਥਿਕ ਤਰੱਕੀ ਵਿਚ ਪੰਜਾਬੀਆਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਹੁਨਰ ਨਾਲ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਟਰੱਕਿੰਗ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖ ਅਤੇ ਪੰਜਾਬੀ ਆਪਣੀ ਮਿਹਨਤ ਨਾਲ ਅੱਗੇ ਵਧੇ ਹਨ ਅਤੇ ਅਮਰੀਕੀ ਸਮਾਜ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੋਸਟਰ ਵਿਚ ਮਿਸਟਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਕੇ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਸਲੀ ਅਤੇ ਭਾਈਚਾਰਕ ਪੱਖਪਾਤ ਵਾਲੀ ਸੋਚ ਨੂੰ ਦਰਸਾਉਂਦਾ ਹੈ, ਅਤੇ ਵਿਕਸਤ ਕਹੇ ਜਾਣ ਵਾਲੇ ਦੇਸ਼ ਲਈ ਅਜਿਹੀ ਸੋਚ ਹੋਰ ਵੀ ਦੁਖਦਾਈ ਅਤੇ ਚਿੰਤਾਜਨਕ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਨੂੰ ਉਸ ਦੀ ਧਾਰਮਿਕ ਪਛਾਣ, ਨਾਮ ਜਾਂ ਪਹਿਰਾਵੇ ਦੇ ਆਧਾਰ 'ਤੇ ਨਿਸ਼ਾਨਾ ਬਣਾਉਣਾ ਸੱਭਿਅਕ ਸਮਾਜ ਦੀਆਂ ਕਦਰਾਂ-ਕੀਮਤਾਂ ਦੇ ਵਿਰੁੱਧ ਹੈ ਅਤੇ ਅਜਿਹੀ ਸ਼ਬਦਾਵਲੀ ਰਾਹੀਂ ਪ੍ਰਵਾਸੀ ਭਾਈਚਾਰਿਆਂ ਨੂੰ ਡਰਾਉਣ ਜਾਂ ਨੀਵਾਂ ਦਿਖਾਉਣ ਦੀ ਕੋਸ਼ਿਸ਼ ਅਮਰੀਕਾ ਦੀ ਬਹੁ-ਸੱਭਿਆਚਾਰਕ ਪਛਾਣ ਨਾਲ ਵੀ ਮੇਲ ਨਹੀਂ ਖਾਂਦੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਸ਼ਵ ਭਰ ਵਿਚ ਆਪਣੀ ਮਿਹਨਤ ਅਤੇ ਮਨੁੱਖਤਾ ਦੀ ਸੇਵਾ ਲਈ ਜਾਣੀ ਜਾਂਦੀ ਹੈ ਅਤੇ ਕਿਸੇ ਵਿਅਕਤੀ ਵਿਸ਼ੇਸ਼ ਦੇ ਵਾਹਨ ਚਲਾਉਣ ਨਾਲ ਸਬੰਧਤ ਮਾਮਲੇ ਨੂੰ ਪੂਰੇ ਪੰਜਾਬੀ ਜਾਂ ਸਿੱਖ ਭਾਈਚਾਰੇ ਨਾਲ ਜੋੜ ਕੇ ਦੇਖਣਾ ਸਰਾਸਰ ਅਨਿਆਂ ਅਤੇ ਨਾ-ਇਨਸਾਫ਼ੀ ਹੈ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ 'ਤੇ ਅਮਰੀਕਾ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹਾ ਵਰਤਾਰਾ ਵੱਖ-ਵੱਖ ਭਾਈਚਾਰਿਆਂ ਦੀ ਆਪਸੀ ਸਾਂਝ ਅਤੇ ਮਿਲਵਰਤਣ ਲਈ ਵੀ ਖ਼ਤਰਾ ਹੈ, ਜਿਸ ਕਾਰਨ ਇਸ ਮਾਮਲੇ ਨੂੰ ਹਲਕੇ ਵਿਚ ਲੈਣਾ ਭਾਰੀ ਪੈ ਸਕਦਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!