ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਤੂਤ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਰਹੱਦੀ ਇਲਾਕੇ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਪੁੱਤਰ ਸੁਖਮਨ ਸਿੰਘ ਵਾਸੀ ਪਿੰਡ ਤੂਤ ਵਜੋਂ ਹੋਈ ਹੈ, ਅਤੇ ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਤੇ ਪਿੰਡ ਵਾਸੀਆਂ ਵਿੱਚ ਵੀ ਚਿੰਤਾ ਪਾਈ ਜਾ ਰਹੀ ਹੈ। ਇਸ ਸਬੰਧੀ ਮ੍ਰਿਤਕ ਦੇ ਚਾਚਾ ਸੁਖਦੇਵ ਸਿੰਘ ਰੌਣਕੀ ਨੇ ਦੱਸਿਆ ਕਿ ਪ੍ਰਿਤਪਾਲ ਸਿੰਘ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਘਰ ਵਿੱਚ ਉਸ ਦੀ ਮਾਤਾ, ਉਹ ਖੁਦ ਤੇ ਉਸ ਦਾ ਵੱਡਾ ਭਰਾ ਰਹਿੰਦੇ ਸਨ, ਅਤੇ ਪ੍ਰਿਤਪਾਲ ਦਾ ਵੱਡਾ ਭਰਾ ਕਿਸੇ ਮਾਮਲੇ ਵਿੱਚ ਜੇਲ੍ਹ ਅੰਦਰ ਬੰਦ ਹੈ ਜਦੋਂਕਿ ਪ੍ਰਿਤਪਾਲ ਹੀ ਘਰ ਵਿੱਚ ਰਹਿੰਦਾ ਸੀ। ਉਨ੍ਹਾਂ ਦੇ ਦੱਸਣ ਅਨੁਸਾਰ ਬੀਤੀ ਦੇਰ ਰਾਤ ਪ੍ਰਿਤਪਾਲ ਨੇ ਕਥਿਤ ਤੌਰ ’ਤੇ ਗਲੀ ਵਿੱਚ ਇੱਕ ਘਰ ਤੋਂ ਨਸ਼ਾ ਲਿਆ ਅਤੇ ਬਾਅਦ ਘਰ ਦੇ ਗੁਸਲਖਾਨੇ ਅੰਦਰ ਜਾ ਕੇ ਟੀਕਾ ਲਗਾ ਲਿਆ, ਜਿਸ ਕਾਰਨ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋ ਗਈ। ਸੁਖਦੇਵ ਸਿੰਘ ਰੌਣਕੀ ਨੇ ਪਿੰਡ ਵਿੱਚ ਨਸ਼ੇ ਦੀ ਕਥਿਤ ਖੁੱਲ੍ਹੀ ਵਿਕਰੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਬਿਨ੍ਹਾਂ ਕਿਸੇ ਡਰ ਦੇ ਚੱਲ ਰਿਹਾ ਹੈ, ਪਰ ਇਸ ਨੂੰ ਰੋਕਣ ਲਈ ਕੋਈ ਠੋਸ ਕਾਰਵਾਈ ਦਿਖਾਈ ਨਹੀਂ ਦੇ ਰਹੀ, ਅਤੇ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਪਿਛਲੇ ਤਿੰਨ ਤੋਂ ਚਾਰ ਮਹੀਨਿਆਂ ਦੌਰਾਨ ਨਸ਼ੇ ਦੀ ਓਵਰਡੋਜ਼ ਕਾਰਨ ਪੰਜ ਤੋਂ ਛੇ ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਇਸ ਗੱਲ ’ਤੇ ਵੀ ਸਵਾਲ ਚੁੱਕਿਆ ਕਿ ਪੁਲਿਸ ਚੌਕੀ ਘਟਨਾ ਵਾਲੇ ਇਲਾਕੇ ਤੋਂ ਮਹਿਜ਼ 500 ਮੀਟਰ ਦੀ ਦੂਰੀ ’ਤੇ ਸਥਿਤ ਹੈ, ਇਸ ਦੇ ਬਾਵਜੂਦ ਨਸ਼ੇ ਦੀ ਵਿਕਰੀ ਰੁਕ ਨਹੀਂ ਰਹੀ, ਅਤੇ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਦੇ ਡਰ ਤੇ ਨਿਰਾਸ਼ਾ ਕਾਰਨ ਉਨ੍ਹਾਂ ਨੇ ਪੁਲਿਸ ਨੂੰ ਜਾਣਕਾਰੀ ਨਹੀਂ ਦਿੱਤੀ। ਇਸ ਘਟਨਾ ਨੇ ਇੱਕ ਵਾਰ ਫਿਰ ਸਰਹੱਦੀ ਇਲਾਕੇ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ, ਅਤੇ ਹੁਣ ਦੇਖਣਾ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕੀ ਕਾਰਵਾਈ ਕਰਦਾ ਹੈ।
ਪੁਲਿਸ ਚੌਕੀ ਤੋਂ 500 ਮੀਟਰ ਦੂਰ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਚਾਚੇ ਦਾ ਧਮਾਕੇਬਾਜ਼ ਖੁਲਾਸਾ
ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਤੂਤ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਰਹੱਦੀ ਇਲਾਕੇ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ
NRI Post Desk · 2 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





