ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਫ਼ਸਰਾਂ ਨਾਲ ਮੀਟਿੰਗ ਦਾ ਮਾਮਲਾ ਭਖ਼ਿਆ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਪੀ. ਐੱਸ. ਪੀ. ਸੀ. ਐੱਲ. ਚੇਅਰਮੈਨ ਬਲਦੇਵ ਸਿੰਘ ਸਰਾਂ ਨਾਲ ਮੀਟਿੰਗ ਨੂੰ ਲੈ ਕੇ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਭਾਜਪਾ ਆਗੂ ਕਾਲੀਆ ਨੇ ਰਾਜਪਾਲ ਨੂੰ ਲਿਖੀ ਚਿੱਠੀ ’ਚ ਲਿਖਿਆ ਕਿ ਮੈਂ ਤੁਹਾਡੇ ਧਿਆਨ ’ਚ ਲਿਆਉਣਾ ਚਾਹੁੰਦਾ ਹਾਂ ਕਿ ਕੁਝ ਦਿਨ ਪਹਿਲਾਂ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਬਿਜਲੀ ਸਕੱਤਰ ਦਲੀਪ ਕੁਮਾਰ ਤੇ ਪੀ. ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਦਿੱਲੀ ਵਿਖੇ ਮੀਟਿੰਗ ਕੀਤੀ, ਜਿਸ ਨੂੰ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਮੀਡੀਆ ’ਚ ਵਿਆਪਕ ਤੌਰ ’ਤੇ ਪ੍ਰਸਾਰਿਤ ਕਰਨ ਲਈ ਬੁਲਾਇਆ ਸੀ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਕੀਤੀ ਮੀਟਿੰਗ ’ਚ ਦਿੱਲੀ ਦੇ ਬਿਜਲੀ ਮੰਤਰੀ ਸਤਿੰਦਰ ਜੈਨ ਅਤੇ ਰਾਜਸਭਾ ਮੈਂਬਰ ਰਾਘਵ ਚੱਢਾ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਿੱਲੀ ਕੋਲ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਬੁਲਾਉਣ ਤੇ ਪੰਜਾਬ ਸਰਕਾਰ ਨਾਲ ਸਬੰਧਤ ਮਾਮਲਿਆਂ ਬਾਰੇ ਵਿਚਾਰ ਕਰਨ ਦੀ ਕੋਈ ਸੰਵਿਧਾਨਕ ਸ਼ਕਤੀ ਨਹੀਂ ਹੈ। ਪੰਜਾਬ ਮਾਮਲਿਆਂ ਨਾਲ ਸਬੰਧਤ ਮੀਟਿੰਗ ਸਿਰਫ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦੇ ਮੰਤਰੀ ਹੀ ਬੁਲਾ ਸਕਦੇ ਹਨ, ਹੋਰ ਕੋਈ ਨਹੀਂ।