ਅੰਮ੍ਰਿਤਸਰ (ਪਾਇਲ): ਇੱਥੇ ਦੱਸਣਾ ਬਣਦਾ ਹੈ ਕਿ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਬੀਤੀ ਰਾਤ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਿਸ ਕੋਲੋਂ ਇੱਕ ਪਿਸਤੌਲ, ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ।
ਪੁਲੀਸ ਅਧਿਕਾਰੀਆਂ ਅਨੁਸਾਰ ਇਸਦੀ ਪਛਾਣ ਉਜਵਲ ਵਾਸੀ ਬਟਾਲਾ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਦਿਹਾਤੀ ਪੁਲਿਸ ਦੇ ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਜੰਡਿਆਲਾ ਗੁਰੂ ਵਿਖੇ ਪੰਸਾਰੀ ਦੀ ਦੁਕਾਨ ਤੇ ਅੰਨੇਵਾਹ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਨਾਮਜਦ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ 6 ਨਵੰਬਰ ਨੂੰ ਜੰਡਿਆਲਾ ਦੇ ਕਿਰਪਾਲ ਸਿੰਘ ਜੋ ਕਿ ਪੰਸਾਰੀ ਦੀ ਦੁਕਾਨ ਕਰਦਾ ਹੈ, ’ਤੇ ਸ਼ਾਮ 7:30 ਵਜੇ 3 ਅਣਪਛਾਤੇ ਸ਼ੂਟਰਾਂ ਵੱਲੋਂ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਤੋਂ ਬਾਅਦ ਤਿੰਨ ਵਿਅਕਤੀਆਂ ਨੂੰ ਨਾਮਜਦ ਕੀਤਾ ਸੀ, ਜਿਨਾਂ ਵਿੱਚ ਆਕਾਸ਼ ਅਤੇ ਉੱਜਵਲ ਦੋਵੇਂ ਵਾਸੀ ਬਟਾਲਾ ਰੋਡ ਅੰਮ੍ਰਿਤਸਰ ਅਤੇ ਰਵੀ ਵਾਸੀ ਪਿੰਡ ਪੰਡੋਰੀ ਸ਼ਾਮਲ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਸ਼ਾਮ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਨਾਮਜਦ ਤਿੰਨ ਮੁਲਜ਼ਮਾਂ ਵਿੱਚ ਸ਼ਾਮਲ ਉੱਜਵਲ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਉਦੋਕੇ ਤੋਂ ਪਿੰਡ ਬੋਪਾ ਰਾਏ ਵੱਲ ਨੂੰ ਜਾ ਰਿਹਾ ਹੈ। ਮੌਕੇ ਤੇ ਪੁਲਿਸ ਵੱਲੋਂ ਇਸ ਨੂੰ ਗ੍ਰਿਫਤਾਰ ਕਰਨ ਲਈ ਪਿੰਡ ਬੋਪਾ ਰਾਏ ਨੇੜੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਮੁਲਜ਼ਮ ਨੇ ਆਪਣਾ ਮੋਟਰਸਾਈਕਲ ਮੋੜ ਕੇ ਭੱਜਣ ਦਾ ਯਤਨ ਕੀਤਾ ਅਤੇ ਡਿੱਗ ਗਿਆ।
ਇਸ ਦੌਰਾਨ ਮੁਲਜ਼ਮ ਨੇ ਆਪਣੀ ਪਿਸਤੌਲ ਨਾਲ ਪੁਲਿਸ ਤੇ ਗੋਲੀ ਚਲਾ ਦਿੱਤੀ ਅਤੇ ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ ਤੇ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੂੰ ਮੌਕੇ ਤੋਂ ਕਾਬੂ ਕਰਦਿਆਂ ਪੁਆਇੰਟ 30 ਬੋਰ ਦਾ ਇੱਕ ਪਿਸਤੌਲ ,ਤਿੰਨ ਜਿੰਦਾ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ ਅਤੇ ਮੁਲਜ਼ਮ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।


