ਤਰਨਤਾਰਨ (ਰਾਘਵ): ਥਾਣਾ ਝਬਾਲ ਅਧੀਨ ਪੈਂਦੇ ਪਿੰਡ ਪੱਧਰੀ ਵਿੱਚ ਬੀਤੀ ਰਾਤ ਘਰ ਵਿੱਚ ਸੁੱਤੇ ਪਏ ਆਮ ਆਦਮੀ ਪਾਰਟੀ ਦੇ ਇੱਕ ਪੰਚਾਇਤ ਮੈਂਬਰ ਦੇ ਭਰਾ ’ਤੇ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ। ਇਸ ਸਬੰਧੀ ਬੀਤੀ ਰਾਤ ਪਿੰਡ ਪੱਧਰੀ ਦੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਦਾ ਭਰਾ ਪਰਮਜੀਤ ਸਿੰਘ ਆਪਣੇ ਘਰ ਸੁੱਤਾ ਪਿਆ ਸੀ, ਜਦੋਂ ਕਿ ਉਸ ਦਾ ਪਰਿਵਾਰ ਘਰ ਨੇੜੇ ਕਿਸੇ ਵਿਆਹ ਸਮਾਗਮ ਵਿੱਚ ਗਿਆ ਹੋਇਆ ਸੀ। ਬਾਅਦ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਰੌਲਾ ਸੁਣ ਕੇ ਜਦੋਂ ਉਹ ਘਰ ਪਹੁੰਚੇ ਤਾਂ ਉਕਤ ਵਿਅਕਤੀ ਵਾਰਦਾਤ ਨੂੰ ਅੰਜਾਮ ਦੇ ਕੇ ਉਥੋਂ ਭੱਜ ਗਏ। ਬੁਰੀ ਤਰ੍ਹਾਂ ਨਾਲ ਜ਼ਖਮੀ ਪਰਮਜੀਤ ਸਿੰਘ ਨੂੰ ਉਸਦੇ ਪਰਿਵਾਰਕ ਮੈਂਬਰਾਂ ਅਤੇ ਸਰਪੰਚ ਸਲਵਿੰਦਰ ਸਿੰਘ ਨੇ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਬੰਧੀ ਥਾਣਾ ਸਦਰ ਦੇ ਮੁਖੀ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ’ਤੇ ਪੁੱਜੀ ਪਰ ਜ਼ਖ਼ਮੀ ਪਰਮਜੀਤ ਸਿੰਘ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਬਿਆਨ ਦੇਣ ਦੀ ਸਥਿਤੀ ਵਿੱਚ ਨਹੀਂ ਹੈ। ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।



