
ਪੰਜਾਬ 'ਚ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਤੇਜ਼ਾਬ ਪੀੜਤਾਂ ਲਈ ਨਿਵੇਕਲੀ ਪਹਿਲ ਕੀਤੀ ਹੈ। ਇਸ ਤਹਿਤ ਐਸਿਡ ਅਟੈਕ ਵਿਕਟਮਜ਼ ਲਈ ਵਿੱਤੀ ਸਹਾਇਤਾ ਸਕੀਮ-2024 ਸਿਰਫ਼ ਔਰਤਾਂ ਤੱਕ ਹੀ ਸੀਮਤ ਨਹੀਂ ਰਹੇਗੀ, ਸਗੋਂ ਹੁਣ ਮਰਦ ਅਤੇ ਟਰਾਂਸਜੈਂਡਰ ਤੇਜ਼ਾਬ ਹਮਲੇ ਦੇ ਪੀੜਤ ਵੀ ਇਸ ਦਾ ਲਾਭ ਲੈ ਸਕਣਗੇ। ਇਸ ਸਕੀਮ ਤਹਿਤ ਹੁਣ ਤੇਜ਼ਾਬੀ ਹਮਲੇ ਦੇ ਪੀੜਤਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਮੰਤਰੀ ਡਾ: ਬਲਜੀਤ ਕੌਰ ਨੇ ਸੂਬਾ ਸਰਕਾਰ ਦੇ ਇਸ ਅਹਿਮ ਫੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਸਮਾਜ ਵਿੱਚ ਬਰਾਬਰੀ ਅਤੇ ਨਿਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਸਕੀਮ ਤਹਿਤ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸਹਾਇਤਾ 8,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ। ਪੰਜਾਬ ਐਸਿਡ ਅਟੈਕ ਵਿਕਟਿਮਜ਼ ਫਾਈਨੈਂਸ਼ੀਅਲ ਅਸਿਸਟੈਂਸ ਸਕੀਮ-2017 ਨੂੰ ਲਿੰਗ-ਨਿਰਪੱਖ ਬਣਾਉਂਦੇ ਹੋਏ, ਇਹ ਸਕੀਮ ਹੁਣ ਪੰਜਾਬ ਐਸਿਡ ਅਟੈਕ ਵਿਕਟਮਜ਼ ਵਿੱਤੀ ਸਹਾਇਤਾ ਸਕੀਮ-2024 ਵਜੋਂ ਜਾਣੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਕੀਮ 20 ਜੂਨ, 2017 ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਸਿਰਫ਼ ਤੇਜ਼ਾਬੀ ਹਮਲੇ ਦੇ ਪੀੜਤਾਂ ਨੂੰ ਹੀ 8,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਸੀ। ਹੁਣ ਪੰਜਾਬ ਸਰਕਾਰ ਨੇ ਸਮਾਜਿਕ ਨਿਆਂ ਦੀ ਦਿਸ਼ਾ ਵਿੱਚ ਇੱਕ ਨਵਾਂ ਕਦਮ ਚੁੱਕਦਿਆਂ ਇਸ ਸਕੀਮ ਵਿੱਚ ਮਰਦ ਅਤੇ ਟਰਾਂਸਜੈਂਡਰ ਪੀੜਤਾਂ ਨੂੰ ਵੀ ਸ਼ਾਮਲ ਕੀਤਾ ਹੈ। ਇਹ ਸਕੀਮ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਤੇਜ਼ਾਬ ਹਮਲਿਆਂ ਦੇ ਪੀੜਤਾਂ ਲਈ ਇੱਕ ਵੱਡਾ ਕਦਮ ਹੈ, ਜੋ ਸਮਾਜਿਕ ਨਿਆਂ ਅਤੇ ਬਰਾਬਰੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਤੇਜ਼ਾਬ ਹਮਲੇ ਦੀ ਪੀੜਤਾ ਨੂੰ ਨਵੀਂ ਉਮੀਦ ਅਤੇ ਆਤਮ ਨਿਰਭਰਤਾ ਮਿਲੇਗੀ। ਤੇਜ਼ਾਬੀ ਹਮਲੇ ਦੇ ਪੀੜਤਾਂ ਲਈ ਇਹ ਵਿੱਤੀ ਸਹਾਇਤਾ ਉਨ੍ਹਾਂ ਦੀ ਆਰਥਿਕ ਹਾਲਤ ਸੁਧਾਰਨ ਵਿੱਚ ਸਹਾਈ ਸਿੱਧ ਹੋਵੇਗੀ।