ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ

by nripost

ਸ੍ਰੀ ਮੁਕਤਸਰ ਸਾਹਿਬ (ਰਾਘਵ) : ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜਸਵੰਤ ਸਿੰਘ ਜ਼ਫਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ, ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਮਹੀਨਾ ਅਗਸਤ-2025 ਦੌਰਾਨ ਕਰਵਾਏ ਜਾ ਰਹੇ ਹਨ। ਇਸ ਮੌਕੇ ਮਨਜੀਤ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਨ੍ਹਾਂ ਮੁਕਾਬਲਿਆਂ ਦੇ ਤਿੰਨ ਵਰਗ ਹੋਣਗੇ, ਜਿਸ ’ਚ ਪਹਿਲਾ ‘ਓ’ ਵਰਗ ਛੇਵੀਂ ਤੋਂ ਅੱਠਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ, ਜਦਕਿ ਦੂਸਰਾ ‘ਅ’ ਵਰਗ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ ਅਤੇ ਤੀਜਾ ਵਰਗ ‘ੲ’ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਜਮਾਤ ਤੇ ਜਨਮ ਮਿਤੀ ਸਬੰਧੀ ਸੰਸਥਾ ਮੁਖੀ ਵਲੋਂ ਲਿਖਤੀ ਰੂਪ ਵਿਚ ਤਸਦੀਕ ਕੀਤਾ ਜਾਣਾ ਲਾਜ਼ਮੀ ਹੈ। ਹਰ ਵਰਗ ’ਚ ਇਕ- ਸੰਸਥਾ ’ ਵਿਚ ਵੱਧ ਤੋਂ ਵੱਧ ਦੋ ਵਿਦਿਆਰਥੀ ਹੀ ਭੇਜੇ ਜਾ ਸਕਦੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਸਬੰਧੀ ਕੋਈ ਐਂਟਰੀ ਫੀਸ ਨਹੀਂ ਲਈ ਜਾਵੇਗੀ। ਉਕਤ ਮੁਕਾਬਲਿਆਂ ਵਿਚ ਵਿਦਿਆਰਥੀਆਂ ਤੋਂ ਪੰਜਾਬੀ ਸਾਹਿਤ, ਧਰਮ, ਭਾਸ਼ਾ, ਸਖ਼ਸੀਅਤਾਂ, ਸੱਭਿਆਚਾਰ, ਇਤਿਹਾਸ ਅਤੇ ਭੂਗੋਲ ਨਾਲ ਸਬੰਧਤ ਪ੍ਰਸ਼ਨ ਪੁੱਛੇ ਜਾਣਗੇ। ਜ਼ਿਲ੍ਹਾ ਪੱਧਰ ਅਤੇ ਭਾਸ਼ਾ ਵਿਭਾਗ ਵੱਲੋਂ ਭੇਜੀ ਪ੍ਰਸ਼ਨੋਤਰੀ ਅਨੁਸਾਰ ਲਿਖਤੀ ਮੁਕਾਬਲਾ ਕਰਵਾਇਆ ਜਾਵੇਗਾ, ਜਿਸਦੇ 100 ਪ੍ਰਸ਼ਨ ਹੋਣਗੇ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਕੂਲਾਂ ਅਤੇ ਕਾਲਜਾਂ ਨੂੰ ਆਪਣੇ ਭਾਗ ਲੈਣ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਵਿਭਾਗ ਵੱਲੋਂ ਜਾਰੀ ਪ੍ਰੋਫਾਰਮੇ ਅਨੁਸਾਰ 5 ਜੁਲਾਈ 2025 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 50, ਦੂਜੀ ਮੰਜ਼ਿਲ, ਸ੍ਰੀ ਮੁਕਤਸਰ ਸਾਹਿਬ ਜਾਂ ਦਫ਼ਤਰ ਦੀ ਈਮੇਲ dlosrimuktsarsahib10gmail.com ’ਤੇ ਕਰਵਾਈ ਜਾਵੇ। ਬਲਜਿੰਦਰ ਸਿੰਘ ਖੋਜ ਅਫ਼ਸਰ, ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਇਨ੍ਹਾਂ ਮੁਕਾਬਲਿਆਂ ਲਈ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੁਇਜ਼ ਮੁਕਾਬਲਿਆਂ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਮੋਬਾ. ਨੰ. 94630-24575 ’ਤੇ ਸੰਪਰਕ ਕੀਤਾ ਜਾ ਸਕਦਾ ਹੈ।