ਵੱਡੀ ਖ਼ਬਰ: ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਦਿਤੀ ਅੰਤਰਿਮ ਜ਼ਮਾਨਤ, ਕਰ ਸਕਣਗੇ ਚੋਣ ਪ੍ਰਚਾਰ

by jagjeetkaur

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਸੁਣਵਾਈ ਦੌਰਾਨ ਅਦਾਲਤ ਨੇ ਸਾਰੀਆਂ ਦਲੀਲਾਂ ਸੁਣਦੇ ਹੋਏ ਕਿਹਾ ਕਿ ਅਸੀਂ 1 ਜੂਨ ਤੱਕ ਅੰਤਰਿਮ ਰਿਹਾਈ ਦੇਣ ਜਾ ਰਹੇ ਹਾਂ। ਕੇਜਰੀਵਾਲ ਅੱਜ ਹੀ ਰਿਹਾਅ ਹੋ ਸਕਦੇ ਹਨ।

ਇਸ ਦੌਰਾਨ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ 'ਤੇ ਜੁਲਾਈ 'ਚ ਸੁਣਵਾਈ ਦੀ ਮੰਗ ਕੀਤੀ। ਸੁਪਰੀਮ ਕੋਰਟ ਨੇ ਇਸ 'ਤੇ ਕਿਹਾ ਕਿ ਉਹ ਅਗਲੇ ਹਫਤੇ ਕੇਜਰੀਵਾਲ ਦੀ ਇਸ ਪਟੀਸ਼ਨ 'ਤੇ ਬਹਿਸ ਖਤਮ ਕਰਨ ਦੀ ਕੋਸ਼ਿਸ਼ ਕਰੇਗੀ।

ਈਡੀ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਨੇ ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੂੰ ਬੇਨਤੀ ਕੀਤੀ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਸਮਾਂ ਖਤਮ ਹੋਣ ਤੋਂ ਬਾਅਦ ਆਤਮ ਸਮਰਪਣ ਕਰਨ ਲਈ ਕਹਿਣ। ਇਸ 'ਤੇ ਅਦਾਲਤ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ।