ਵੱਡੀ ਖ਼ਬਰ : ਫਰਾਰ ਹੋਏ ਅੰਮ੍ਰਿਤਪਾਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਮੋਗਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਬੀਤੀ ਰਾਤ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ। ਹੁਣ ਉਸ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ । ਨਾਗਰਿਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ... ਕੋਈ ਵੀ ਜਾਅਲੀ ਖਬਰਾਂ ਸਾਂਝੀਆਂ ਨਾ ਕਰੋ। ਦੱਸਿਆ ਜਾ ਰਿਹਾ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਦੇ ਇੱਕ ਗੁਰੂਦੁਆਰਾ ਸਾਹਿਬ ਤੋਂ ਕਾਬੂ ਕੀਤਾ ਗਿਆ ਹੈ । ਦੱਸ ਦਈਏ ਕਿ ਅੰਮ੍ਰਿਤਪਾਲ ਖ਼ਿਲਾਫ਼ NSA ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਹੀ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਸੀ। ਉੱਥੇ ਹੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਚੱਲ ਰਿਹਾ ਸੀ, ਜਦੋ ਕਿ ਉਸ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ। ਬੀਤੀ ਦਿਨੀਂ ਪੁਲਿਸ ਵਲੋਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕ ਲਿਆ ਗਿਆ ਸੀ । ਉਹ ਲੰਡਨ ਜਾ ਰਹੀ ਸੀ। ਪੁਲਿਸ ਵਲੋਂ ਕਿਨਰਦੀਪ ਕੌਰ ਕੋਲੋਂ ਕਾਫੀ ਸਮੇ ਤੱਕ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਉਹ ਪਿੰਡ ਜੱਲੂਪੁਰ ਰਵਾਨਾ ਹੋ ਗਈ। ਪੁਲਿਸ ਵਲੋਂ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਨੂੰ ਅਗਲੇ ਦਿਨ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ । ਪਿਛਲੇ ਦਿਨੀਂ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ ।