ਜੈਤੋ (ਪੱਤਰ ਪ੍ਰੇਰਕ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਵੀਰਵਾਰ ਨੂੰ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਵਿਰੋਧੀ ਵਿੰਗ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਰਜੁਨ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। 20,000 ਰੁਪਏ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਵਾਸੀ ਰੋਹਿਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਪੁਲਿਸ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਵਿਦੇਸ਼ ਭੇਜਣ ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਪੋਰਟ ਦਿੱਤੀ ਸੀ ਅਤੇ ਇਮੀਗ੍ਰੇਸ਼ਨ ਏਜੰਟ ਵਿਰੁੱਧ ਐਫ.ਆਈ.ਆਰ. ਦਰਜ ਕਰਵਾਉਣ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਤਹਿਤ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।



