ਮਾਨ ਸਰਕਾਰ ਦਾ ਵੱਡਾ ਕਦਮ: ਔਰਤਾਂ ਲਈ ਖੁਸ਼ਖਬਰੀ, ਲੱਖਾਂ ਨੂੰ ਮਿਲੇਗਾ ਫਾਇਦਾ

by nripost

ਚੰਡੀਗੜ੍ਹ (ਪਾਇਲ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿਚ ਅਦਾ ਕੀਤੀ ਜਾਂਦੀ ਹੈ, ਜਿਸ ਵਿਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ, ਜੇਕਰ ਦੂਜਾ ਬੱਚਾ ਲੜਕੀ ਹੋਵੇ ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇਕ ਹੀ ਕਿਸ਼ਤ ਵਿਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਰਕਮ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਮਦਦ ਯਕੀਨੀ ਬਣਾਈ ਜਾ ਰਹੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ 69,110 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ 1.14 ਲੱਖ ਲਾਭਪਾਤਰੀ ਔਰਤਾਂ ਨੂੰ ਇਸ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ, ਸਗੋਂ ਮਾਵਾਂ ਦੀ ਸਿਹਤ, ਪੋਸ਼ਣ ਅਤੇ ਨਵਜੰਮੇ ਬੱਚਿਆਂ ਦੀ ਸੰਭਾਲ ਨੂੰ ਮਜ਼ਬੂਤ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਮਾਂ ਆਰਥਿਕ ਤੰਗੀ ਕਾਰਨ ਜ਼ਰੂਰੀ ਸਿਹਤ ਸੇਵਾਵਾਂ ਤੋਂ ਵੰਚਿਤ ਨਾ ਰਹੇ ਅਤੇ ਹਰ ਬੱਚੇ ਨੂੰ ਜਨਮ ਤੋਂ ਹੀ ਸੁਰੱਖਿਅਤ ਅਤੇ ਸਿਹਤਮੰਦ ਸ਼ੁਰੂਆਤ ਮਿਲੇ।

More News

NRI Post
..
NRI Post
..
NRI Post
..