ਪੰਜਾਬ ‘ਚ ਬਾਰਿਸ਼ ਨੂੰ ਲੈ ਕੇ ਵੱਡਾ ਅਪਡੇਟ

by nripost

ਚੰਡੀਗੜ੍ਹ (ਰਾਘਵ): ਪੰਜਾਬ ਵਿਚ ਇਸ ਵੇਲੇ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਨੂੰ ਪਸੀਨੋ-ਪਸੀਨੀਂ ਕੀਤੀ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਤਾਪਮਾਨ ਵਿਚ 2.5 ਡਿਗਰੀ ਵਾਧਾ ਦਰਜ ਕੀਤਾ ਗਿਆ ਹੈ। ਲਗਭਗ ਸਾਰੇ ਜ਼ਿਲ੍ਹਿਆਂ ਵਿਚ ਹੀ ਤਾਪਮਾਨ 40 ਡਿਗਰੀ ਤੋਂ ਵੱਧ ਚੱਲ ਰਿਹਾ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ ਵੀ 25 ਡਿਗਰੀ ਤੋਂ ਉੱਪਰ ਹੀ ਚੱਲ ਰਿਹਾ ਹੈ।

ਇਸ ਵਿਚਾਲੇ ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਲੂ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਅੱਜ ਤੇ ਕੱਲ੍ਹ ਰਾਤ ਨੂੰ Warm Night Alert ਵੀ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਰਾਤ ਵੇਲੇ ਵੀ ਗਰਮੀ ਤੋਂ ਰਾਹਤ ਨਹੀਂ ਮਿਲਣ ਵਾਲੀ। ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਵਿਚ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਵਾਧਾ ਆਉਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿਚ ਲੂ ਦੇ ਨਾਲ-ਨਾਲ Warm Night Alert ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਵਿਭਾਗ ਨੇ ਓਰੇਂਜ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿਚ ਵੀ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ 10 ਜੂਨ ਨੂੰ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਲੁਧਿਆਣਾ ਅਤੇ ਬਠਿੰਡਾ ਵਿਚ ਲੂ ਦੇ ਨਾਲ-ਨਾਲ Warm Night Alert ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਵਿਭਾਗ ਨੇ ਓਰੇਂਜ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਕਪੂਰਥਲਾ, ਜਲੰਧਰ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿਚ ਵੀ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਸੂਬੇ ਦੇ ਲੋਕਾਂ ਨੂੰ 12 ਜੂਨ ਤੋਂ ਗਰਮੀ ਤੋਂ ਥੋੜ੍ਹੀ ਰਾਹਤ ਮਿਲਣੀ ਸ਼ੁਰੂ ਹੋਵੇਗੀ। ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ 12 ਅਤੇ 13 ਜੂਨ ਨੂੰ ਸੂਬੇ ਵਿਚ ਕਈ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 13 ਜੂਨ ਨੂੰ ਮੀਂਹ ਦੇ ਨਾਲ-ਨਾਲ ਤੇਜ਼ ਹਨੇਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਨੇ ਸ਼ੁੱਕਰਵਾਰ ਨੂੰ ਮੀਂਹ-ਹਨੇਰੀ ਕਾਰਨ ਸੂਬੇ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ।