ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਸੁਣਵਾਈ ਟਲ਼ੀ, ਹੁਣ ਅਗਲੀ ਸੁਣਵਾਈ 5 ਜਨਵਰੀ ਨੂੰ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਟਲ਼ ਗਈ ਹੈ। ਫਿਲਹਾਲ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਕੋਈ ਵੀ ਰਾਹਕ ਨਹੀਂ ਮਿਲੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 5 ਜਨਵਰੀ 2022 ਲਈ ਮੁਲਤਵੀ ਕਰ ਦਿੱਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਦੇ ਵਕੀਲ ਦਮਨਬੀਰ ਸੋਬਤੀ ਨੇ ਦੱਸਿਆ ਕਿ ਸਾਡੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨਹੀਂ ਆ ਸਕੇ। ਇਸ ਲਈ ਅਸੀਂ ਅਦਾਲਤ ਤੋਂ ਸਮਾਂ ਮੰਗਿਆ ਸੀ।

ਅਦਾਲਤ 'ਚ ਜ਼ਮਾਨਤ ਅਰਜ਼ੀ ਰੱਦ ਹੋਣ ਪਿੱਛੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਹੁਣ ਹਾਈਕੋਰਟ ਦਾ ਰੁਖ਼ ਕੀਤਾ ਹੈ। ਮੋਹਾਲੀ ਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਕਰਨ 'ਤੇ ਮਜੀਠੀਆ ਨੇ ਪੰਜਾਬ ਹਰਿਆਣਾ ਹਾਈਕੋਰਟ 'ਚ ਫੈਸਲੇ ਨੂੰ ਚੁਨੌਤੀ ਦਿੰਦਿਆਂ ਜ਼ਮਾਨਤ ਦੀ ਮੰਗ ਕੀਤੀ ਹੈ।

ਮਜੀਠੀਆ ਵੱਲੋਂ ਹਾਈਕੋਰਟ ਵਿੱਚ 331 ਪੰਨਿਆਂ ਦੀ ਪਟੀਸ਼ਨ ਦਾਖਲ ਕਰਕੇ ਅੰਤਰਿਮ ਜ਼ਮਾਨਤ ਦੀ ਮੰਗਕੀਤੀ ਗਈ ਹੈ। ਇਸ 'ਚ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਵਿਰੁੱਧ ਇਹ ਸਭ ਇਕ ਸਾਜਿਸ਼ ਤਹਿਤ ਕਰ ਰਹੀ ਹੈ। ਅਰਜ਼ੀ 'ਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਕਾਲੀ ਦਲ ਨਾਲ ਪੁਰਾਣੀ ਨਾਰਾਜ਼ਗੀ ਹੈ, ਜਿਸ ਕਾਰਨ ਇਹ ਸਾਰੀ ਸਾਜਿਸ਼ ਰਚੀ ਗਈ ਹੈ।