ਢਾਕਾ (ਪਾਇਲ) : ਤੁਹਾਨੂੰ ਦੱਸ ਦਇਏ ਕਿ ਬੰਗਲਾਦੇਸ਼ ਦੇ ਮੈਮਨਸਿੰਘ ਜ਼ਿਲ੍ਹੇ ਵਿੱਚ ਵੀਰਵਾਰ ਰਾਤ ਨੂੰ ਈਸ਼ਨਿੰਦਾ ਦੇ ਦੋਸ਼ 'ਚ ਇਕ ਹਿੰਦੂ ਨੌਜਵਾਨ ਦੀ ਭੀੜ ਦੁਆਰਾ ਕੁੱਟ-ਕੁੱਟ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅਜਿਹੇ ਸਮੇਂ 'ਚ ਵਾਪਰੀ ਹੈ ਜਦੋਂ ਸ਼ੇਖ ਹਸੀਨਾ ਵਿਰੋਧੀ ਵਿਦਿਆਰਥੀ ਅੰਦੋਲਨ ਦੇ ਨੇਤਾ ਸ਼ਰੀਫ ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਦੇਸ਼ 'ਚ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।
ਘਟਨਾ ਅਨੁਸਾਰ ਮ੍ਰਿਤਕ ਦੀ ਪਛਾਣ ਦੀਪੂ ਚੰਦਰ ਦਾਸ ਵਜੋਂ ਹੋਈ ਹੈ।ਉਹ ਇੱਕ ਨੌਜਵਾਨ ਕੱਪੜਾ ਫੈਕਟਰੀ ਦਾ ਕਰਮਚਾਰੀ ਸੀ ਅਤੇ ਸਥਾਨਕ ਪੁਲਿਸ ਅਨੁਸਾਰ, ਕੁਝ ਲੋਕਾਂ ਨੇ ਉਸ 'ਤੇ ਪੈਗੰਬਰ ਮੁਹੰਮਦ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਸੀ। ਰਾਤ 9 ਵਜੇ ਦੇ ਕਰੀਬ ਭੀੜ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।
ਜਿਸ ਦੌਰਾਨ ਪੁਲਿਸ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਕਤਲ ਤੋਂ ਬਾਅਦ ਵੀ ਭੀੜ ਸ਼ਾਂਤ ਨਹੀਂ ਹੋਈ। ਕੱਟੜਪੰਥੀਆਂ ਨੇ ਨੌਜਵਾਨ ਦੀ ਲਾਸ਼ ਨੂੰ ਦਰੱਖਤ ਨਾਲ ਬੰਨ੍ਹ ਕੇ ਸਾੜ ਦਿੱਤਾ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਇਆ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਜਿਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਮੈਮਨਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ।
ਹੁਣ ਤੱਕ ਇਸ ਬੇਰਹਿਮੀ ਨਾਲ ਕਤਲ ਸਬੰਧੀ ਕਿਸੇ ਦੇ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਪੀੜਤ ਪਰਿਵਾਰ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਰਸਮੀ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਖਾਸ ਤੌਰ 'ਤੇ ਇਹ ਘਟਨਾ ਅਜਿਹੇ ਸਮੇਂ ਵਿਚ ਵਾਪਰੀ ਹੈ ਜਦੋਂ ਭਾਰਤ ਵਿਰੋਧੀ ਨੇਤਾ ਅਤੇ ਕੱਟੜਪੰਥੀ ਸੰਗਠਨ ਇੰਕਲਾਬ ਮੰਚ ਦੇ ਬੁਲਾਰੇ ਸ਼ਰੀਫ ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਬੰਗਲਾਦੇਸ਼ ਦੇ ਕਈ ਹਿੱਸਿਆਂ ਵਿਚ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਹਾਦੀ ਨੂੰ 12 ਦਸੰਬਰ ਨੂੰ ਢਾਕਾ ਵਿੱਚ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਉਸ ਨੂੰ ਏਅਰ ਐਂਬੂਲੈਂਸ ਰਾਹੀਂ ਸਿੰਗਾਪੁਰ ਲਿਜਾਇਆ ਗਿਆ, ਜਿੱਥੇ ਵੀਰਵਾਰ ਨੂੰ ਉਸ ਦੀ ਮੌਤ ਹੋ ਗਈ।
ਇਸ ਘਟਨਾ ਨੇ ਬੰਗਲਾਦੇਸ਼ ਵਿੱਚ ਧਾਰਮਿਕ ਘੱਟ ਗਿਣਤੀਆਂ ਅਤੇ ਆਮ ਨਾਗਰਿਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਅਧਿਕਾਰੀਆਂ ਨੇ ਸਥਿਤੀ ਨੂੰ ਕਾਬੂ ਕਰਨ ਲਈ ਵਾਧੂ ਸੁਰੱਖਿਆ ਵਧਾ ਦਿੱਤੀ ਹੈ ਅਤੇ ਹਿੰਸਾ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾਂ ਜਾਰੀ ਹਨ।
