ਮੰਤਰੀ ਮੰਡਲ ਵੱਲੋਂ ਸੂਬੇ ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ

by jaskamal

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਅੱਜ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 9647.85 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਣ ਦੀ ਸੰਭਾਵਨਾ ਹੈ ਜੋ ਬੀਤੇ ਸਾਲ ਨਾਲੋਂ 40 ਫੀਸਦੀ ਵੱਧ ਹੋਵੇਗਾ।

ਇਹ ਫੈਸਲਾ ਅੱਜ ਬਾਅਦ ਦੁਪਹਿਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਸਖ਼ਤੀ ਨਾਲ ਪਾਲਣਾ ਕਰਕੇ ਅਤੇ ਨਵੇਂ ਤਕਨਾਲੋਜੀ ਕਦਮਾਂ ਨੂੰ ਸ਼ਾਮਲ ਕਰਦੇ ਹੋਏ ਗੁਆਂਢੀ ਸੂਬਿਆਂ ਤੋਂ ਸ਼ਰਾਬ ਦੀ ਤਸਕਰੀ ’ਤੇ ਕਰੜੀ ਨਜ਼ਰ ਰੱਖਣ ਉਤੇ ਜ਼ੋਰ ਦਿੰਦੀ ਹੈ। ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਸਾਲ 2022-23 ਵਿਚ 9647.85 ਕਰੋੜ ਰੁਪਏ ਇਕੱਤਰ ਕਰਨਾ ਹੈ। ਇਹ ਨੀਤੀ ਇਕ ਜੁਲਾਈ, 2022 ਤੋਂ 31 ਮਾਰਚ, 2023 ਤੱਕ 9 ਮਹੀਨਿਆਂ ਦੇ ਸਮੇਂ ਲਈ ਲਾਗੂ ਰਹੇਗੀ।