ਐਕਸ਼ਨ ਮੋਡ ‘ਚ ਕੈਬਨਿਟ ਮੰਤਰੀ ਹਰਜੋਤ ਬੈਂਸ; ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚੁੱਕਿਆ ਇਹ ਕਦਮ

by jaskamal

ਨਿਊਜ਼ ਡੈਸਕ : ਪੰਜਾਬ ਦੇ ਖਨਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ 'ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਤੇ ਸੀਨੀਅਰ ਪੁਲਸ ਕਪਤਾਨਾਂ ਨੂੰ ਲਿਖਤੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ 'ਚ ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਇਹ ਗੱਲ ਸਾਫ਼ ਹੈ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਮੇਰੇ ਧਿਆਨ 'ਚ ਆਇਆ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਇਸ ਲਈ ਤੁਹਾਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫ਼ਸਰ ਤੋਂ ਜਾਣਕਾਰੀ ਲਈ ਜਾਵੇ ਤੇ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰ ਕੇ ਝੰਡਾ ਲਗਾ ਦਿੱਤਾ ਜਾਵੇ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਮਾਈਨਿੰਗ ਇਨ੍ਹਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।

ਇਸ ਤੋਂ ਇਲਾਵਾ ਐੱਸਐੱਸਪੀਜ਼ ਨੂੰ ਵੀ ਇਕ ਪੱਤਰ ਲਿਖਿਆ ਗਿਆ ਹੈ ਕਿ ਹਰੇਕ ਜ਼ਿਲ੍ਹੇ 'ਚ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਤਾਂ ਜੋ ਨਾਜਾਇਜ਼ ਮਾਈਨਿੰਗ ਨੂੰ ਤੁਰੰਤ ਰੋਕਿਆ ਜਾ ਸਕੇ ਪਰ ਫਿਰ ਵੀ ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਐੱਸਐੱਸਪੀ ਦੀ ਹੋਵੇਗੀ। ਸਾਰੇ ਡਿਪਟੀ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨੂੰ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।