ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ : ਕੈਪਟਨ ਅਮਰਿੰਦਰ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਕਿਸਾਨਾਂ ਨੂੰ ਲੈ ਕੇ ਬਹੁਤ ਵੱਡਾ ਫੈਸਲਾ ਲੈਣ ਲਈ ਤਿਆਰ ਹਨ, ਜਿਸ ਨਾਲ ਕਿਸਾਨਾਂ ਨੂੰ ਪੱਕੇ ਤੌਰ ’ਤੇ ਕਾਂਗਰਸ ਨਾਲ ਜੋੜਿਆ ਜਾ ਸਕੇ। ਕਿਸਾਨਾਂ ਵਲੋਂ 3 ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਪਿਛਲੇ ਕਈ ਮਹੀਨਿਆਂ ਤੋਂ ਅੰਦੋਲਨ ਚਲਾਇਆ ਜਾ ਰਿਹਾ ਹੈ। ਅੰਦੋਲਨ ਦੌਰਾਨ ਅਨੇਕਾਂ ਕਿਸਾਨ ਸ਼ਹੀਦ ਵੀ ਹੋ ਗਏ ਸਨ। ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਪਹਿਲਾਂ ਹੀ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਚੁੱਕਿਆ ਹੈ।

ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਜਾ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਦੱਸਿਆ ਜਾਂਦਾ ਹੈ ਕਿ ਕੈਪਟਨ ਖੁਦ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪਣਗੇ। ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਸਰਕਾਰੀ ਅਹੁਦਿਆਂ ’ਤੇ ਭਰਤੀ ਕਰਨ ਦੇ ਆਦੇਸ਼ ਦਿੱਤੇ ਜਾ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਕਿਸਾਨ ਸੰਗਠਨਾਂ ਨਾਲ ਚੰਗੇ ਸੰਬੰਧ ਹਨ ਅਤੇ ਉਨ੍ਹਾਂ ਨੂੰ ਵੇਖਦੇ ਹੋਏ ਕਿਸਾਨਾਂ ਦਾ ਦਿਲ ਜਿੱਤਣ ਲਈ ਕੈਪਟਨ ਅਮਰਿੰਦਰ ਵਲੋਂ ਇਹ ਇੱਕ ਵੱਡਾ ਕਦਮ ਸਿੱਧ ਹੋਵੇਗਾ।

ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਮੁੱਦੇ ’ਤੇ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਵਿਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਸੀ। ਮੁੱਖ ਮੰਤਰੀ ਵਲੋਂ ਸਰਕਾਰੀ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਜਾਰੀ ਕੀਤੇ ਜਾਣਗੇ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਦਫਤਰਾਂ ਵਿੱਚ ਪੂਰਾ ਮਾਣ-ਸਨਮਾਨ ਮਿਲਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਸਰਕਾਰੀ ਦਫਤਰਾਂ ਵਿੱਚ ਨਾ ਕਰਨਾ ਪਵੇ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਪੂਰੀ ਤਰ੍ਹਾਂ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ, ਜਿਸ ਨਾਲ ਕਿਸਾਨ ਅੰਦੋਲਨ ਦਾ ਭਵਿੱਖ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ਨੂੰ ਪ੍ਰਭਾਵਿਤ ਕਰੇਗਾ। ਰਾਜ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਦੀਆਂ ਨਜ਼ਰਾਂ ਕਿਸਾਨ ਅੰਦੋਲਨ ਦੇ ਭਵਿੱਖ ’ਤੇ ਟਿਕੀਆਂ ਹੋਈਆਂ ਹਨ।