ਮੋਹਾਲੀ ਧਮਾਕੇ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ , ਕਿਹਾ …

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ, ਦੇਸ਼ ਦੀ ਏਕਤਾ 'ਤੇ ਅਖੰਡਤਾ ਦੇ ਖ਼ਿਲਾਫ਼ ਹੋਣ ਵਾਲੀਆਂ ਦੁਸ਼ਮਣ ਤਾਕਤਾਂ ਤੋਂ ਲਗਾਤਾਰ ਖ਼ਤਰੇ ਵਿੱਚ ਹੈ ਅਤੇ ਇਸ ਖ਼ਤਰੇ ਨੂੰ ਨੱਥ ਪਾਉਣ ਲਈ ਇਕਜੁੱਟਤਾ, ਤਾਲਮੇਲ ਅਤੇ ਮਜ਼ਬੂਤ ਯਤਨ ਕਰਨ ਦੀ ਲੋੜ ਹੈ।

ਮੋਹਾਲੀ 'ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਮੁੱਖ ਦਫ਼ਤਰ 'ਤੇ ਹੋਏ ਅੱਤਵਾਦੀ ਹਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਪਿਛਲੇ ਕੁੱਝ ਦਿਨਾਂ ਦੌਰਾਨ ਆਰ. ਡੀ. ਐਕਸ. ਜ਼ਬਤ ਹੋਣ, ਡਰੋਨ ਰਾਹੀਂ ਭੇਜੇ ਗਏ ਨਸ਼ੀਲੇ ਪਦਾਰਥ ਜ਼ਬਤ ਹੋਣ ਅਤੇ ਕੁੱਝ ਸ਼ੱਕੀਆਂ ਦੀ ਗ੍ਰਿਫ਼ਤਾਰੀ ਵਰਗੀਆਂ ਤਾਜ਼ਾ ਘਟਨਾਵਾਂ ਦੀ ਲੜੀ ਦਾ ਹੀ ਹਿੱਸਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੀ ਆਈ. ਐੱਸ. ਆਈ. ਦੇ ਮਨਸੂਬਿਆਂ ਖ਼ਿਲਾਫ਼ ਚਿਤਾਵਨੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਨੇ ਪੰਜਾਬ ਬਾਰੇ ਆਪਣੇ ਇਰਾਦਿਆਂ ਨੂੰ ਕਦੇ ਨਹੀਂ ਛੱਡਿਆ ਅਤੇ ਉਸ ਨੂੰ ਜੋ ਵੀ ਮੌਕਾ ਮਿਲੇਗਾ, ਉਹ ਹਮੇਸ਼ਾ ਫ਼ਾਇਦਾ ਚੁੱਕਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਹਰ ਸੰਭਵ ਕਦਮ ਚੁੱਕਣਾ ਚਾਹੀਦਾ ਹੈ 'ਤੇ ਪੰਜਾਬ ਨੂੰ ਬਚਾਉਣ ਲਈ ਹਰ ਕਿਸੇ ਦਾ ਸਹਿਯੋਗ ਲੈਣਾ ਚਾਹੀਦਾ ਹੈ।