ਮੋਦੀ ਸੁਰੱਖਿਆ ਮਾਮਲੇ ‘ਚ ਕੇਂਦਰੀ ਕਮੇਟੀ ਦੀ ਕਾਰਵਾਈ; ਦਰਜਨ ਤੋਂ ਵੱਧ ਪੁਲਿਸ ਅਧਿਕਾਰੀ ਤਲਬ

by jaskamal

ਨਿਊਜ਼ ਡੈਸਕ (ਜਸਕਮਲ) : ਬੁੱਧਵਾਰ ਨੂੰ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਲਾਪਰਵਾਹੀ ਲਈ ਗਠਿਤ ਕੇਂਦਰੀ ਜਾਂਚ ਕਮੇਟੀ ਨੇ ਫ਼ਿਰੋਜ਼ਪੁਰ ਪਹੁੰਚ ਕੇ ਪਿਆਰੇਆਣਾ ਫਲਾਈਓਵਰ ਦਾ ਮੁਆਇਨਾ ਕੀਤਾ, ਜਿੱਥੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕਿਆ ਗਿਆ ਸੀ। ਕਮੇਟੀ ਨੇ ਤਿੰਨ ਜ਼ਿਲ੍ਹਿਆਂ ਦੇ ਪੁਲਿਸ ਸੁਪਰਡੈਂਟਾਂ ਸਮੇਤ ਪੰਜਾਬ ਦੇ ਇਕ ਦਰਜਨ ਤੋਂ ਵੱਧ ਉੱਚ ਅਧਿਕਾਰੀਆਂ ਨੂੰ ਫਿਰੋਜ਼ਪੁਰ ਸਥਿਤ ਬੀਐੱਸਐੱਫ ਦੇ ਦਫ਼ਤਰ 'ਚ ਪੁੱਛਗਿੱਛ ਲਈ ਬੁਲਾਇਆ ਹੈ। ਕੇਂਦਰ ਦੀ ਕਮੇਟੀ ਨੇ ਹੁਸੈਨੀਵਾਲਾ ਦਾ ਵੀ ਦੌਰਾ ਕੀਤਾ ਹੈ ਜਿੱਥੇ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਤੈਅ ਸੀ।

ਦੂਜੇ ਪਾਸੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ 'ਚ ਉਲੰਘਣਾ ਦੀ ਘਟਨਾ ਸਬੰਧੀ ਕੇਂਦਰ ਸਰਕਾਰ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਕਮੇਟੀ ਦੀ ਅਗਵਾਈ ਕੈਬਨਿਟ ਸਕੱਤਰੇਤ ਦੇ ਸਕੱਤਰ (ਸੁਰੱਖਿਆ) ਸੁਧੀਰ ਕੁਮਾਰ ਸਕਸੈਨਾ ਕਰ ਰਹੇ ਹਨ ਤੇ ਇਸ 'ਚ ਇੰਟੈਲੀਜੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਬਲਬੀਰ ਸਿੰਘ ਤੇ ਵਿਸ਼ੇਸ਼ ਸੁਰੱਖਿਆ ਗਰੁੱਪ ਦੇ ਆਈਜੀ ਐਸ ਸੁਰੇਸ਼ ਸ਼ਾਮਲ ਹਨ।

ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਸੌਂਪੀ ਗਈ ਰਿਪੋਰਟ 'ਚ ਕਿਹਾ ਗਿਆ ਹੈ ਕਿ ਇਸ ਘਟਨਾ ਸਬੰਧੀ FIR ਦਰਜ ਕੀਤੀ ਗਈ ਹੈ ਤੇ ਸੂਬਾ ਸਰਕਾਰ ਨੇ ਕੁਤਾਹੀ ਦੀ ਜਾਂਚ ਲਈ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੇ ਬੁੱਧਵਾਰ ਨੂੰ ਪੀਐਮ ਮੋਦੀ ਦੇ ਦੌਰੇ ਦੌਰਾਨ ਵਾਪਰੀਆਂ ਘਟਨਾਵਾਂ ਦੀ ਲੜੀਵਾਰ ਜਾਣਕਾਰੀ ਸਾਂਝੀ ਕੀਤੀ ਹੈ।