CM ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਪ੍ਰਾਜੈਕਟ ਲਈ ਟੈਂਡਰ ਮੰਗਣ ਦੇ ਦਿੱਤੇ ਹੁਕਮ

by jaskamal

ਨਿਊਜ਼ ਡੈਸਕ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰਾਜੈਕਟ ‘ਪਿੰਡ ਬਾਬੇ ਨਾਨਕ ਦਾ’ ਲਈ ਆਲਮੀ ਪੱਧਰ ’ਤੇ ਟੈਂਡਰ ਮੰਗਣ ਦੇ ਨਿਰਦੇਸ਼ ਦਿੱਤੇ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹੋਈ ਭਗਵੰਤ ਮਾਨ ਨੇ ਵਿਭਾਗ ਨੂੰ ਕਿਹਾ ਕਿ ਉਹ 500 ਕਰੋੜ ਰੁਪਏ ਦੀ ਲਾਗਤ ਨਾਲ 40 ਏਕੜ ਰਕਬੇ ਵਿੱਚ ਬਣਨ ਵਾਲੇ ਇਸ ਸ਼ਾਨਾਮੱਤੇ ਪ੍ਰਾਜੈਕਟ ਦੇ ਨਿਰਮਾਣ ਲਈ ਵਿਸ਼ਵ ਪ੍ਰਸਿੱਧ ਆਰਕੀਟੈਕਟਾਂ ਦੀਆਂ ਸੇਵਾਵਾਂ ਲੈਣ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਭਾਰਤ ਸਰਕਾਰ ਨੇ ਉਪਰੋਕਤ ਪ੍ਰਾਜੈਕਟ ਲਈ ਤਿਆਰ ਕੀਤੀ ਰੂਪ-ਰੇਖਾ ਨੂੰ ਪਹਿਲਾਂ ਹੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਨੇ ਅਨੰਦਪੁਰ ਸਾਹਿਬ ਫਾਊਂਡੇਸ਼ਨ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੈਰ-ਸਪਾਟਾ ਵਿਭਾਗ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਨ ਜਾ ਰਹੀ ਭਾਈ ਜੈਤਾ ਜੀ ਯਾਦਗਾਰ ਨੂੰ ਦਸੰਬਰ 2022 ਤੱਕ ਹਰ ਹੀਲੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਨੂੰ ਸਮਰੱਥ ਅਥਾਰਟੀ ਦੁਆਰਾ ਪ੍ਰਵਾਨਿਤ ਨਿਰਧਾਰਿਤ ਮਾਪਦੰਡਾਂ ਮੁਤਾਬਕ ਇਸ ਵੱਕਾਰੀ ਪ੍ਰਾਜੈਕਟ ਦੀ ਉਸਾਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।