ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਕਣਕ ਦੀ ਖਰੀਦ ਨੂੰ ਲੈ ਟਕਰਾਵ

by vikramsehajpal

ਚੰਡੀਗੜ੍ਹ,(ਦੇਵ ਇੰਦਰਜੀਤ) :ਪੰਜਾਬ ਵਿੱਚ ਕਣਕ ਦੀ ਫਸਲ ਪੱਕ ਚੁੱਕੀ ਹੈ ਪਰ ਖਰੀਦ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ। ਹੈਰਾਨੀ ਦੀ ਗੱਲ ਹੈ ਕਿ ਹਰਿਆਣਾ ਵਿੱਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ ਪਰ ਪੰਜਾਬ ਵਿੱਚ 10 ਅਪਰੈਲ ਤੱਕ ਟਾਲ ਦਿੱਤੀ ਗਈ ਹੈ।ਫਸਲਾਂ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਗਹਿਰਾ ਗਿਆ ਹੈ। ਇਸ ਨਾਲ ਕਿਸਾਨ ਵਿੱਚ-ਵਿਚਾਲੇ ਪਿੱਸ ਰਿਹਾ ਹੈਉਧਰ, ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਤੋਂ ਐਨ ਪਹਿਲਾਂ ਸਿੱਧੀ ਅਦਾਇਗੀ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਪੱਤਰ ਲਿਖ ਕੇ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਫੈਸਲਾ ਟਾਲਿਆ ਨਹੀਂ ਜਾਏਗਾ। ਕੇਂਦਰ ਦੇ ਰਵੱਈਏ ਨੂੰ ਵੇਖ ਪੰਜਾਬ ਸਰਕਾਰ ਨੇ ਵੀ ਇਸ ਬਾਰੇ ਚਰਚਾ ਵਿੱਢ ਦਿੱਤੀ ਹੈ। ਇਸ ਬਾਰੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਗਈ ਹੈ।

ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਨੇ 5 ਅਪਰੈਲ ਨੂੰ ਬਾਘਾ ਪੁਰਾਣਾ ਵਿੱਚ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਰਾਜ ਭਰ ’ਚੋਂ ਆੜ੍ਹਤੀਏ ਸ਼ਮੂਲੀਅਤ ਕਰਨਗੇ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸਿੱਧੀ ਅਦਾਇਗੀ ਵਾਲਾ ਫਾਰਮੂਲਾ ਲਾਗੂ ਹੋਇਆ ਤਾਂ ਉਹ ਰੇਲ ਮਾਰਗਾਂ ਤੇ ਸੜਕਾਂ ’ਤੇ ਜਿਣਸਾਂ ਦੀਆਂ ਭਰੀਆਂ ਟਰਾਲੀਆਂ ਖੜ੍ਹੀਆਂ ਕਰ ਦੇਣਗੇ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੇ 10 ਮਾਰਚ ਤੋਂ ਪੰਜਾਬ ਭਰ ਵਿੱਚ ਆਪਣੇ ਕਾਰੋਬਾਰ ਬੰਦ ਕੀਤੇ ਹੋਏ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਕਣਕ ਦੀ ਵਾਢੀ ਸ਼ੁਰੂ ਹੋ ਗਈ ਹੈ ਪਰ ਖਰੀਦ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ। ਦੱਸ ਦਈਏ ਕਿ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨੇ 27 ਮਾਰਚ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਕਿ ਕਣਕ ਦੇ ਸੀਜ਼ਨ ਵਿੱਚ ਜਿਣਸ ਦੀ ਸਿੱਧੀ ਅਦਾਇਗੀ ਕੀਤੀ ਜਾਵੇ ਤੇ ਕੇਂਦਰ ਸਰਕਾਰ ਹੁਣ ਇਸ ਮਾਮਲੇ ਵਿਚ ਹੋਰ ਮੋਹਲਤ ਨਹੀਂ ਦੇਵੇਗੀ। ਭਾਰਤ ਸਰਕਾਰ ਨੇ ਪੰਜਾਬ ਨੂੰ ਬਣਦੀਆਂ ਰਿਆਇਤਾਂ ਦੇਣ ਤੋਂ ਹੱਥ ਪਿੱਛੇ ਖਿੱਚਣ ਬਾਰੇ ਵੀ ਸਪੱਸ਼ਟ ਹੀ ਆਖ ਦਿੱਤਾ ਹੈ।