ਕਾਂਗਰਸ ਨੇ ਸਰਕਾਰ ਤੋਂ ਮੰਗ : ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਲਈ ਨਵੀਂ ਨੀਤੀ ਲਿਆਵੇ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਯੂਕ੍ਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ, ਇਸ ਲਈ ਸਰਕਾਰ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕੋਈ ਨੀਤੀ ਲੈ ਕੇ ਆਵੇ। ਕਾਂਗਰਸ ਦੇ ਮੈਂਬਰ ਅਮਰ ਸਿੰਘ ਨੇ ਕਿਹਾ ਕਿ ਯੂਕ੍ਰੇਨ ’ਚ ਪੜ੍ਹ ਰਹੇ ਵਿਦਿਆਰਥੀਆਂ ਨੇ ਉੱਥੇ ਆਪਣੀ ਪੜ੍ਹਾਈ ਲਈ ਲੱਖਾਂ ਰੁਪਏ ਦੀ ਫੀਸ ਦਿੱਤੀ ਹੈ।

ਸਰਕਾਰ ਇਨ੍ਹਾਂ ਵਿਦਿਆਰਥੀਆਂ ਨੂੰ ਭਾਰਤ ’ਚ ਕਿਸੇ ਸੰਸਥਾ ’ਚ ਦਾਖ਼ਲਾ ਦੇਵੇ ਤਾਂ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕਦਾ ਹੈ। ਓਧਰ ਬਹੁਜਨ ਸਮਾਜ ਪਾਰਟੀ ਦੇ ਦਾਨਿਸ਼ ਅਲੀ ਨੇ ਚਿੰਤਾ ਜਤਾਈ ਕਿ ਦੇਸ਼ ’ਚ ਧਰਮ ਦੇ ਆਧਾਰ ’ਤੇ ਅਸਹਿਣਸ਼ੀਲਤਾ ਵਧ ਰਹੀ ਹੈ। ਕਰਨਾਟਕ ਸਮੇਤ ਦੇਸ਼ ਦੇ ਕਈ ਹਿੱਸਿਆਂ ’ਚ ਲੋਕਾਂ ਨੂੰ ਧਰਮ ਦੇ ਆਧਾਰ ’ਤੇ ਭੇਦਭਾਵ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।