ਡਿਪਟੀ ਕਮਿਸ਼ਨਰ Mansa ਵੱਲੋਂ ਵੈਕਸੀਨੇਸ਼ਨ ਵਿਚ ਤੇਜ਼ੀ ਲਿਆਉਣ ਲਈ ਸਮੂਹ ਵਰਗਾਂ ਕੋਲੋਂ ਸਹਿਯੋਗ ਦੀ ਮੰਗ

by vikramsehajpal

ਮਾਨਸਾ (Monika Singh/Manjit Singh)- ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਮਾਨਸਾ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦਿੰਦੇ ਹੋਏ ਲੋਕ ਹਿੱਤ ਵਿੱਚ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਜਾਵੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਝ ਸਮਾਜ ਸੇਵੀ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਇਸ ਨਾਮੁਰਾਦ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਾਗਰਿਕਾਂ ਦੇ ਕੋਰੋਨਾ ਜਾਂਚ ਲਈ ਟੈਸਟ ਕੀਤੇ ਜਾ ਰਹੇ ਹਨ ਉਥੇ ਹੀ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕੌਂਸਲਰਾਂ ਅਤੇ ਗ੍ਰਾਮ ਪੰਚਾਇਤਾਂ ਨਾਲ ਤਾਲਮੇਲ ਕਰਕੇ ਨਾਗਰਿਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨੀਂ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਲਗਾਏ ਗਏ ਟੀਕਾਕਰਨ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਆੜ੍ਹਤੀਆਂ ਮਜ਼ਦੂਰਾਂ ਸਮੇਤ ਹੋਰ ਲੋਕਾਂ ਵੱਲੋਂ ਸਵੈ ਇੱਛਾ ਨਾਲ ਟੀਕਾਕਰਨ ਕਰਵਾਇਆ ਗਿਆ ਅਤੇ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9 ਅਪ੍ਰੈਲ ਨੂੰ ਵਪਾਰ ਮੰਡਲ ਦੇ ਸਹਿਯੋਗ ਨਾਲ ਸਵੇਰੇ 10 ਵਜੇ ਤੋਂ ਮੁੱਖ ਬਜ਼ਾਰ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ 45 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੈਕਸੀਨੇਸ਼ਨ ਕੀਤੀ ਜਾਵੇਗਾ।

ਮੀਟਿੰਗ ਦੌਰਾਨ ਸਿਵਲ ਸਰਜਨ ਡਾ ਸੁਖਵਿੰਦਰ ਸਿੰਘ ਨੇ ਕੋਰੋਨਾ ਕੇਸਾਂ ਦੀ ਵਧ ਰਹੀ ਗਿਣਤੀ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਟੈਸਟਿੰਗ ਅਤੇ ਟੀਕਾਕਰਨ ਵਧਾਉਣ ਲਈ ਸਮੂਹ ਵਰਗਾਂ ਨੂੰ ਤਨਦੇਹੀ ਨਾਲ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ। ਮੀਟਿੰਗ ਦੌਰਾਨ ਗੁਰਲਾਭ ਸਿੰਘ, ਸੁਰੇਸ਼ ਨੰਦਗੜ੍ਹੀਆ, ਪਰਮਜੀਤ ਸਿੰਘ, ਮਨਜੀਤ ਸਿੰਘ ਸੰਦਿਓੜਾ, ਜਗਦੀਪ ਸਿੰਘ ਪ੍ਰਧਾਨ ਸਰਪੰਚ ਯੂਨੀਅਨ ਮਾਨਸਾ ਬਲਾਕ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਮਾਨਸਾ ਵਿੱਚ ਵੱਧ ਤੋਂ ਵੱਧ ਕੈਂਪ ਲਗਾਉਣ ਵਿੱਚ ਸਹਿਯੋਗ ਦਿੱਤਾ ਜਾਵੇਗਾ ਅਤੇ ਵੱਡੀ ਗਿਣਤੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਵੈਕਸੀਨੇਸ਼ਨ ਕਰਵਾਈ ਜਾਵੇਗੀ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਰਣਜੀਤ ਸਿੰਘ ਰਾਏ ਵੀ ਹਾਜ਼ਰ ਸਨ।