ਨਵਜੋਤ ਸਿੱਧੂ ਸਣੇ ਹਿਰਾਸਤ ‘ਚ ਲਏ ਕਾਂਗਰਸੀ ਮੰਤਰੀ ਤੇ ਵਿਧਾਇਕ

by vikramsehajpal

ਯੂ. ਪੀ. (ਦੇਵ ਇੰਦਰਜੀਤ) : ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਲਖੀਮਪੁਰ ਖੀਰੀ ਵੱਲ ਵੱਧ ਰਹੇ ਪੰਜਾਬ ਕਾਂਗਰਸ ਦੇ ਕਾਫ਼ਲੇ ਨੂੰ ਹਰਿਆਣਾ-ਯੂ. ਪੀ. ਬਾਰਡਰ 'ਤੇ ਰੋਕ ਲਿਆ ਗਿਆ ਹੈ। ਇਸ ਦੌਰਾਨ ਨਵਜੋਤ ਸਿੱਧੂ ਦੀ ਪੁਲਸ ਅਧਿਕਾਰੀਆਂ ਨਾਲ ਤਿੱਖੀ ਬਹਿਸਬਾਜ਼ੀ ਹੋਈ। ਨਵਜੋਤ ਸਿੰਘ ਸਿੱਧੂ ਸਮੇਤ ਉਨ੍ਹਾਂ ਦੇ ਕਾਫ਼ਲੇ 'ਚ ਸ਼ਾਮਲ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਯੂ. ਪੀ. ਪੁਲਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ।

ਯੂ. ਪੀ. ਪੁਲਸ ਲਗਾਤਾਰ ਕਾਂਗਰਸੀ ਵਰਕਰਾਂ ਨੂੰ ਅੱਗੇ ਵੱਧਣ ਤੋਂ ਰੋਕ ਰਹੀ ਹੈ ਪਰ ਇਸ ਦੌਰਾਨ ਕਾਂਗਰਸੀ ਵਰਕਰ ਪੁਲਸ ਵੱਲੋਂ ਲਾਏ ਗਏ ਬੈਰੀਕੇਡ ਤੋੜਦੇ ਹੋਏ ਨਜ਼ਰ ਆ ਰਹੇ ਹਨ। ਬਾਰਡਰ 'ਤੇ ਮਾਹੌਲ ਤਣਾਅਪੂਰਨ ਹੋ ਗਿਆ ਹੈ ਅਤੇ ਯੂ. ਪੀ. ਪੁਲਸ ਵੱਲੋਂ ਸਿੱਧੂ ਦੇ ਕਾਫ਼ਲੇ ਨੂੰ ਰੋਕਣ ਕਾਰਨ ਭਾਰੀ ਜਾਮ ਲੱਗ ਗਿਆ ਹੈ।

ਇਸ ਕਾਰਨ ਆਮ ਲੋਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਘਟਨਾ 'ਚ ਜਿਸ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਸੀ, ਉਹ ਤਾਂ ਖੁੱਲ੍ਹੇਆਮ ਘੁੰਮ ਰਿਹਾ ਹੈ ਅਤੇ ਫਿਰ ਉਨ੍ਹਾਂ ਨੂੰ ਅੱਗੇ ਵੱਧਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ।

ਸਿੱਧੂ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ ਸਾਡਾ ਮੌਲਿਕ ਅਧਿਕਾਰ ਹੈ।