ਪੰਜਾਬ ‘ਚ ਹੁਣ ਤਕ 300 ਕਰੋੜ ਤੋਂ ਵਧ ਦਾ ਨਸ਼ਾ ਬਰਾਮਦ; ਚੋਣ ਕਮਿਸ਼ਨ ਵੱਲੋਂ ਹਾਈਕੋਰਟ ‘ਚ ਹਲਫਨਾਮਾ ਦਾਇਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਚੋਣਾਂ 'ਚ ਨਸ਼ਾਖੋਰੀ ਦਾ ਕਿੰਨਾ ਕੁ ਅਹਿਮ ਮੁੱਦਾ ਹੈ, ਇਸ ਦਾ ਅੰਦਾਜ਼ਾ ਇੱਥੋਂ ਲਗਾਇਆ ਜਾ ਸਕਦਾ ਹੈ ਕਿ ਸੂਬੇ 'ਚ 300 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਕਰੀਬ 4 ਹਜ਼ਾਰ ਕਿਲੋਗ੍ਰਾਮ ਨਸ਼ਾ ਫੜਿਆ ਜਾ ਚੁੱਕਾ ਹੈ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਪੰਜਾਬ ਹਾਈ ਕੋਰਟ 'ਚ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ।

ਚੋਣ ਕਮਿਸ਼ਨ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਹੈ ਕਿ 6 ਫਰਵਰੀ ਤੱਕ 312.813 ਕਰੋੜ ਰੁਪਏ ਦੇ ਘੱਟੋ-ਘੱਟ 3999.649 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਭਾਰਤੀ ਚੋਣ ਕਮਿਸ਼ਨ ਦੀ ਤਰਫ਼ੋਂ ਜਸਟਿਸ ਅਜੇ ਤਿਵਾੜੀ ਤੇ ਜਸਟਿਸ ਪੰਕਜ ਜੈਨ ਦੇ ਡਿਵੀਜ਼ਨ ਬੈਂਚ ਅੱਗੇ ਇਸ ਸਬੰਧ 'ਚ ਇਕ ਹਲਫ਼ਨਾਮਾ ਪੇਸ਼ ਕੀਤਾ ਹੈ। ਅਦਾਲਤ ਨੇ ਰਾਜ ਚੋਣ ਕਮਿਸ਼ਨ, ਪੰਜਾਬ ਨੂੰ ਨੋਟਿਸ ਜਾਰੀ ਕੀਤਾ ਸੀ ਕਿ ਉਹ 'ਨਸ਼ਾ ਮੁਕਤ ਚੋਣਾਂ' ਨੂੰ ਯਕੀਨੀ ਬਣਾਉਣ ਲਈ ਕੀ ਕਰ ਰਹੇ ਹਨ।

ਹਲਫ਼ਨਾਮੇ 'ਚ ਕਿਹਾ ਗਿਆ ਹੈ ਕਿ ਵਿਧਾਨ ਸਭਾ ਹਲਕਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਗਏ ਹਨ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਅਤੇ ਖਰਚਾ ਨਿਗਰਾਨਾਂ ਨੇ ਮੀਟਿੰਗ ਕੀਤੀ। ਮੁੱਖ ਚੋਣ ਕਮਿਸ਼ਨਰ, ਸੁਸ਼ੀਲ ਚੰਦਰਾ ਨੇ ਕਿਹਾ ਕਿ ਚੋਣਾਂ ਦੌਰਾਨ ਅਬਜ਼ਰਵਰ ਭਾਰਤੀ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨ ਹੁੰਦੇ ਹਨ ਅਤੇ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਦਿਆਂ 'ਤੇ ਨੇੜਿਓਂ ਨਜ਼ਰ ਰੱਖਣੀ ਚਾਹੀਦੀ ਹੈ।