ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ DSGMC ਮੁਖੀ ਨੇ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਦੀ ਦਿੱਤੀ ਚੇਤਾਵਨੀ

by jaskamal

ਨਿਊਜ਼ ਡੈਸਕ (ਜਸਕਮਲ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਨਵੇਂ ਨਿਯੁਕਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੰਗਲਵਾਰ ਨੂੰ ਦਵਿੰਦਰਪਾਲ ਸਿੰਘ ਭੁੱਲਰ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਹੈ। ਕਾਲਕਾ ਨੇ ਦਾਅਵਾ ਕੀਤਾ ਕਿ ਦਿੱਲੀ ਸਰਕਾਰ ਦੇ ਸਜ਼ਾ ਰੀਵਿਊ ਬੋਰਡ ਨੇ ਕਈ ਸਾਲਾਂ ਤੋਂ ਸਲਾਖਾਂ ਪਿੱਛੇ ਬੰਦ ਭੁੱਲਰ ਦੀ ਰਿਹਾਈ ਦੀ ਅਰਜ਼ੀ ਨੂੰ “ਖਾਰਜ” ਕਰ ਦਿੱਤਾ ਹੈ।

ਕਾਲਕਾ ਦੇ ਦਾਅਵਿਆਂ 'ਤੇ ਦਿੱਲੀ ਸਰਕਾਰ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ। ਕਾਲਕਾ ਨੇ ਡੀਐੱਸਜੀਐੱਮਸੀ ਦੇ ਹੋਰ ਅਹੁਦੇਦਾਰਾਂ ਨਾਲ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ “ਜੇਕਰ ਦਿੱਲੀ ਸਰਕਾਰ ਭੁੱਲਰ ਦੀ ਰਿਹਾਈ ਲਈ ਤੁਰੰਤ ਆਦੇਸ਼ ਜਾਰੀ ਕਰਨ 'ਚ ਅਸਫਲ ਰਹਿੰਦੀ ਹੈ, ਤਾਂ ਅਸੀਂ ਕੇਜਰੀਵਾਲ ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ।

ਭੁੱਲਰ ਨੂੰ ਅਦਾਲਤ ਨੇ ਟਾਡਾ ਤਹਿਤ 1993 ਦੇ ਦਿੱਲੀ ਬੰਬ ਧਮਾਕੇ ਦੇ ਕੇਸ 'ਚ ਦੋਸ਼ੀ ਠਹਿਰਾਇਆ ਸੀ। ਸੁਪਰੀਮ ਕੋਰਟ ਵੱਲੋਂ ਮੌਤ ਦੀ ਸਜ਼ਾ ਨੂੰ ਘਟਾ ਦਿੱਤੇ ਜਾਣ ਤੋਂ ਬਾਅਦ ਉਹ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਡੀਐਸਜੀਐਮਸੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ 'ਚ ਚੋਣ ਪ੍ਰਚਾਰ ਕਰ ਰਹੇ ਕੇਜਰੀਵਾਲ ਨੂੰ ਪੰਜਾਬੀਆਂ ਦੀ ਮੰਗ ਮੰਨਣੀ ਚਾਹੀਦੀ ਹੈ ਅਤੇ ਭੁੱਲਰ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਵਾਉਣਾ ਚਾਹੀਦਾ ਹੈ ਜਿੱਥੇ ਉਹ 29 ਸਾਲਾਂ ਤੋਂ ਬੰਦ ਹਨ।