CM ਦੀ ਮਾਨਸਾ ਰੈਲੀ ਦੌਰਾਨ ਡੀਐੱਸਪੀ ਵੱਲੋਂ ਅਧਿਆਪਕਾਂ ‘ਤੇ ਡਾਂਗਾਂ ਵਰ੍ਹਾਉਣ ਦੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ

by jaskamal

ਨਿਊਜ਼ ਡੈਸਕ (ਜਸਕਮਲ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਰੈਲੀ ਦੌਰਾਨ ਡੀਐੱਸਪੀ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ 'ਤੇ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੂੰ ਪੜਤਾਲ ਰਿਪੋਰਟ ਮੁਕੰਮਲ ਕਰ ਕੇ ਹਫ਼ਤੇ ਦੇ ਅੰਦਰ ਸੌਂਪਣ ਦੀ ਹਦਾਇਤ ਕੀਤੀ ਗਈ ਹੈ।

ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਮਾਨਸਾ ਵਿਖੇ ਮੁੱਖ ਮੰਤਰੀ ਦੀ ਰੈਲੀ ਸੀ। ਇਸ ਦੌਰਾਨ ਬੇਰੁਜ਼ਗਾਰ ਆਪਣਾ ਰੋਸ ਜ਼ਾਹਰ ਕਰਨ ਪਹੁੰਚੇ ਸੀ ਪਰ ਮੁੱਖ ਮੰਤਰੀ ਦੀ ਸੁਰੱਖਿਆ 'ਚ ਤਾਇਨਾਤ ਇਹ ਡੀਐੱਸਪੀ ਅਚਾਨਕ ਪ੍ਰਦਰਸ਼ਨਕਾਰੀਆਂ ਉਤੇ ਟੁੱਟ ਪਿਆ ਤੇ ਡਾਂਗਾਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਸਾਥੀ ਮੁਲਾਜ਼ਮ ਉਸ ਨੂੰ ਰੋਕਦੇ ਰਹੇ ਪਰ ਉਸ ਨੇ ਭੋਰਾ ਪਰਵਾਹ ਨਾ ਕੀਤੀ।

ਕਿਸਾਨ ਮੋਰਚੇ ਨੇ ਮਾਨਸਾ ਵਿਖੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਲਾਠੀਚਾਰਜ ਦੀ ਅਗਵਾਈ ਕਰਨ ਵਾਲੇ ਮੁੱਖ ਮੰਤਰੀ ਦੇ ਸੁਰੱਖਿਆ ਦੇ ਡੀਐੱਸਪੀ ਵੱਲੋਂ ਇਹ ਘਟੀਆ ਕਾਰਾ ਕੀਤਾ ਗਿਆ ਹੈ, ਇਹ ਜ਼ੁਲਮ ਕਿਸੇ ਤਰ੍ਹਾਂ ਵੀ ਬਰਦਾਸ਼ਤ ਕਰਨਯੋਗ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਡੀਐੱਸਪੀ ਵਿਰੁੱਧ ਕੇਸ ਦਰਜ ਕੀਤਾ ਜਾਵੇ, ਉਸ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਜਾਵੇ।