ਲੁਧਿਆਣਾ (ਪਾਇਲ): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਲਕਾ ਸਮਾਣਾ ਅਤੇ ਸੁਤਰਾਣਾ ਇਲਾਕੇ ਨੂੰ ਪਹਿਲ ਦਿੰਦਿਆਂ ਪੰ. ਡਾ: ਮੋਹਨ ਲਾਲ ਸ਼ਰਮਾ ਨੂੰ ਪਾਰਟੀ ਦੀ ਸੂਬਾ ਪੱਧਰੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਵਰਕਰਾਂ ਅਤੇ ਡਾ: ਸ਼ਰਮਾ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਡਾ: ਮੋਹਨ ਲਾਲ ਸ਼ਰਮਾ, ਜੋ ਆਪਣੇ ਦੋਸਤਾਨਾ ਸੁਭਾਅ ਲਈ ਜਾਣੇ ਜਾਂਦੇ ਹਨ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖਤਾ ਅਤੇ ਸੱਚ ਦੇ ਮਾਰਗ 'ਤੇ ਚੱਲਦੇ ਹਨ। ਉਹਨਾਂ ਨੇ ਵੱਖ-ਵੱਖ ਡੀ.ਏ.ਵੀ ਸਕੂਲਾਂ ਵਿੱਚ ਰਹਿੰਦਿਆਂ ਉਨ੍ਹਾਂ ਨੇ ਬਹੁਤ ਸਾਰੇ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਕਈ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਅਤੇ ਲੋੜਵੰਦ ਔਰਤਾਂ ਲਈ ਰਾਸ਼ਨ ਦਾ ਪ੍ਰਬੰਧ ਕੀਤਾ। ਉਨ੍ਹਾਂ ਦੇ ਸਮਾਜਿਕ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਦੇਖਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ।
ਵਰਕਿੰਗ ਕਮੇਟੀ ਦੇ ਮੈਂਬਰ ਬਣਨ ਉਪਰੰਤ ਡਾ: ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਦੇ ਹਰ ਹੁਕਮ ਦੀ ਪਾਲਣਾ ਕਰਨਗੇ ਅਤੇ ਆਪਣੇ ਇਲਾਕੇ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ। ਹਲਕਾ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਿੰ. ਡਾ: ਮੋਹਨ ਲਾਲ ਸ਼ਰਮਾ ਨੇ ਸਮਾਣਾ, ਪਾਤੜਾਂ ਅਤੇ ਸੁਤਰਾਣਾ ਇਲਾਕੇ ਵਿਚ ਸਿੱਖਿਆ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਹੈ। ਸਿਆਸਤ ਵਿੱਚ ਵੀ ਉਨ੍ਹਾਂ ਦੀ ਆਪਣੀ ਮਜ਼ਬੂਤ ਪਛਾਣ ਹੈ ਅਤੇ ਕਈ ਵੱਡੀਆਂ ਸਿਆਸੀ ਸ਼ਖ਼ਸੀਅਤਾਂ ਨਾਲ ਉਨ੍ਹਾਂ ਦੇ ਨੇੜਲੇ ਸਬੰਧ ਹਨ, ਜਿਸ ਕਾਰਨ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਂਦੇ ਰਹੇ ਹਨ। ਹੁਣ ਵਰਕਿੰਗ ਕਮੇਟੀ ਦਾ ਮੈਂਬਰ ਬਣ ਕੇ ਉਹ ਲੋਕ ਹਿੱਤਾਂ ਦੇ ਮੁੱਦਿਆਂ 'ਤੇ ਹੋਰ ਸਰਗਰਮ ਹੋਣਗੇ।



