28 ਨਵੰਬਰ ਤੱਕ ਸਰਕਾਰੀ ਦਫ਼ਤਰਾਂ ‘ਚ ਕੰਮ ਬੰਦ ਰੱਖਣਗੇ ਮੁਲਾਜ਼ਮ, ਜਾਣੋ ਕਾਰਨ

by jaskamal

ਪੱਤਰ ਪ੍ਰੇਰਕ : ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਤੇ ਸੂਬਾ ਜਨਰਲ ਸਕੱਤਰ ਪਿੱਪਲ ਸਿੰਘ ਦੀ ਅਗਵਾਈ ਹੇਠ 8 ਨਵੰਬਰ ਤੋਂ ਚੱਲ ਰਹੀ ਕਲਮ ਛੋੜ ਹੜਤਾਲ ਨੂੰ 28 ਨਵੰਬਰ ਤੱਕ ਵਧਾ ਦਿੱਤਾ ਗਿਆ ਹੈ।

ਇਸ ਸਬੰਧੀ ਸਮੂਹ ਮੁਲਾਜ਼ਮ ਆਪਣੇ ਦਫ਼ਤਰਾਂ ਦੇ ਬਾਹਰ ਸੜਕਾਂ ’ਤੇ ਬੈਠਣਗੇ। ਸੂਬਾ ਪ੍ਰਧਾਨ ਰਘੁਬੀਰ ਸਿੰਘ ਬਡਵਾਲ, ਜ਼ਿਲ੍ਹਾ ਪ੍ਰਧਾਨ ਸਾਵਨ ਸਿੰਘ ਅਤੇ ਸੂਬਾ ਵਧੀਕ ਪ੍ਰੈਸ ਸਕੱਤਰ ਐਮ.ਐਲ. ਨਾਹਰ ਨੇ ਕਿਹਾ ਕਿ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ 28 ਨਵੰਬਰ ਤੱਕ ਜਾਰੀ ਰਹੇਗੀ ਅਤੇ ਸਾਰੇ ਵਿਭਾਗਾਂ ਦਾ ਕੰਮਕਾਜ ਠੱਪ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕੋਈ ਵੀ ਕੈਬਨਿਟ ਮੰਤਰੀ ਕਿਸੇ ਵੀ ਜ਼ਿਲ੍ਹੇ ਵਿੱਚ ਕਿਸੇ ਸਰਕਾਰੀ ਪ੍ਰੋਗਰਾਮ ਵਿੱਚ ਆਉਂਦਾ ਹੈ ਤਾਂ ਉਸ ਨੂੰ ਕਾਲੇ ਝੰਡੇ ਦਿਖਾਏ ਜਾਣਗੇ।

ਜਥੇਬੰਦੀ ਨੇ ਫੈਸਲਾ ਕੀਤਾ ਕਿ 24 ਨਵੰਬਰ ਨੂੰ ਪੰਜਾਬ ਭਰ ਦੇ ਸਮੂਹ ਜ਼ਿਲ੍ਹਾ ਮੈਜਿਸਟਰੇਟ ਦਫ਼ਤਰਾਂ ਅੱਗੇ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ ਅਤੇ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਮੁੱਦੇ ਨੂੰ ਵਿਸਥਾਰ ਨਾਲ ਸੁਣਿਆ। ਕਰਮਚਾਰੀ ਜੀ.ਪੀ ਫੰਡ ਖਾਤੇ ਖੋਲ੍ਹਣ 'ਤੇ ਸਹਿਮਤੀ ਬਣੀ ਅਤੇ ਅਧਿਕਾਰੀਆਂ ਨੂੰ ਐਸ.ਓ.ਪੀ. ਪ੍ਰਕਿਰਿਆ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਅਤੇ ਪੁਰਾਣੀ ਪੈਨਸ਼ਨ ਸਬੰਧੀ ਸਪੱਸ਼ਟ ਨੋਟੀਫਿਕੇਸ਼ਨ ਜਲਦੀ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਪਰ ਸਰਕਾਰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਦੇਰੀ ਕਰ ਰਹੀ ਹੈ।