BBMB ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ‘ਚ ਕਿਸਾਨ, ਪੈ ਸਕਦੈ ਵੱਡਾ ਰੇੜਕਾ

by jaskamal

ਨਿਊਜ਼ ਡੈਸਕ : ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਆਪਣੇ ਅਧਿਕਾਰ ਖੇਤਰ 'ਚ ਲੈਣ ਦੇ ਖ਼ਿਲਾਫ਼ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। BBMB ਮੁੱਦੇ ਉਤੇ ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹੈ। ਅੱਜ ਮੁਹਾਲੀ ਵਿੱਚ ਕਿਸਾਨ ਟਰੈਕਟਰ ਮਾਰਚ ਰਾਹੀਂ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣਗੇ। ਇਸ ਸਬੰਧੀ ਦੋਵਾਂ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮਾਰਚ ਕੀਤਾ ਜਾ ਰਿਹਾ ਹੈ। ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਵਿਖੇ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਰਾਜਭਵਨ ਤੱਕ ਮਾਰਚ ਕੱਢਿਆ ਜਾਵੇਗਾ।

ਕੇਂਦਰ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਰਾਸ਼ਟਰਪਤੀ ਦੇ ਨਾਮ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਐੱਸਐੱਸਪੀ ਮੁਹਾਲੀ ਨੇ ਪਹਿਲਾਂ ਹੀ ਸਾਫ਼ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਮੁਹਾਲੀ ਦੀ ਹੱਦ ਉਤੇ ਰੋਕ ਦਿੱਤਾ ਜਾਵੇਗਾ। ਮੁਹਾਲੀ ਦੀ ਸਰਹੱਦ ਉਤੇ ਪੁਲਿਸ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਦੀ ਤਿਆਰੀ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਕਿ ਸ਼ਾਂਤਮਈ ਢੰਗ ਨਾਲ ਮਾਰਚ ਕੱਢਿਆ ਜਾਵੇ। ਉਨ੍ਹਾਂ ਦਾ ਜੋ ਵੀ ਮੰਗ ਪੱਤਰ ਹੈ, ਰਾਜਪਾਲ ਨੂੰ ਭੇਜ ਦਿੱਤਾ ਜਾਵੇਗਾ।