ਫਿਰੋਜ਼ਪੁਰ ਪੁਲਿਸ ਦੀ ਕਾਰਵਾਈ, 12 ਕਿਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫਤਾਰ

by jaskamal
(ਨਿਊਜ਼ ਡੈਸਕ) : ਫ਼ਿਰੋਜ਼ਪੁਰ ਦੀ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ 2 ਭਾਰਤੀ ਤਸਕਰਾਂ ਨੂੰ ਪਾਕਿਸਤਾਨ ਤੋਂ ਮੰਗਵਾਈ ਗਈ ਕਰੀਬ 60 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਮੁੱਲ ਦੀ ਕਰੀਬ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ 2 ਭਾਰਤੀ ਤਸਕਰਾਂ ਨੇ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਵੱਡੀ ਖ਼ੇਪ ਮੰਗਵਾਈ ਹੈ, ਜਿਸ ਨੂੰ ਉਹ ਅੱਗੇ ਸਪਲਾਈ ਕਰਨ ਦੀ ਤਾਕ ਵਿੱਚ ਹਨ। ਇਸ ਲਈ ਇੱਕ ਯੋਜਨਾ ਅਨੁਸਾਰ ਫ਼ਿਰੋਜ਼ਪੁਰ ਤੋਂ ਭਾਰਤ-ਪਾਕਿਸਤਾਨ ਸਰਹੱਦ ਵੱਲ ਜਾਂਦੇ ਸਾਰੇ ਇਲਾਕੇ ਨੂੰ ਸੀਲ ਕਰ ਕੇ ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕਰੀਬ 12 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਤਸਕਰਾਂ ਕੋਲੋਂ ਹੈਰੋਇਨ ਦੀ ਇਹ ਖ਼ੇਪ ਬਰਾਮਦ ਹੋਈ ਹੈ, ਉਹ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 60 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਅਧਿਕਾਰਤ ਪੁਸ਼ਟੀ ਲਈ ਅਜੇ ਤੱਕ ਕਿਸੇ ਅਧਿਕਾਰੀ ਨਾਲ ਸੰਪਰਕ ਨਹੀਂ ਹੋ ਸਕਿਆ।