ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਦਾ ਦੇਹਾਂਤ

by nripost

ਅੰਮ੍ਰਿਤਸਰ (ਰਾਘਵ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਇਨ੍ਹੀਂ ਦਿਨੀਂ ਆਪਣੇ ਬੱਚਿਆਂ ਨਾਲ ਵੈਨਕੂਵਰ ਕੈਨੇਡਾ ਵਿੱਚ ਰਹਿ ਰਹੇ ਸਨ। ਉੱਥੇ ਹੀ ਉਨ੍ਹਾਂ ਨੇ ਆਖਰੀ ਸਾਹ ਲਏ। ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਸੱਚਖੰਡ ਸ੍ਰੀ ਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਗਿਆਨੀ ਮੋਹਨ ਸਿੰਘ ਪਾਸੋਂ ਉਹਨਾਂ ਨੇ ਬਹੁਤ ਕੁਝ ਸਿੱਖਿਆ ਹੈ ਅਤੇ ਗਿਆਨੀ ਮੋਹਨ ਸਿੰਘ ਦੇ ਤੁਰ ਜਾਣ ਦਾ ਨਾ ਪੂਰਾ ਹੋਣ ਵਾਲਾ ਘਾਟਾ ਪਰਿਵਾਰ ਅਤੇ ਪੰਥ ਨੂੰ ਪਿਆ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਖ਼ਾਲਸਾ ਪੰਥ ਦੀ ਉੱਘੀ ਸ਼ਖ਼ਸੀਅਤ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜਿਨ੍ਹਾਂ ਨੇ ਲੰਮਾ ਸਮਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਨਿਭਾਈਆਂ, ਉਨ੍ਹਾਂ ਦੇ ਅਕਾਲ ਚਲਾਣੇ ਉੱਤੇ ਗਹਿਰਾ ਦੁੱਖ ਪੁੱਜਾ ਹੈ। ਉਹ ਇਸ ਸਮੇਂ ਕੈਨੇਡਾ ਦੇ ਵੈਨਕੁਵਰ ਵਿਖੇ ਆਪਣੇ ਬੱਚਿਆਂ ਕੋਲ ਰਹਿ ਰਹੇ ਸਨ। ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਸਿੱਖੀ ਸਿਧਾਂਤਾਂ ਪ੍ਰਤੀ ਬਹੁਤ ਹੀ ਸੰਜੀਦਾ ਅਤੇ ਦ੍ਰਿੜ੍ਹ ਸ਼ਖ਼ਸੀਅਤ ਸਨ ਜੋ ਆਪਣੇ ਵਿਲੱਖਣ ਸੁਭਾਅ ਕਰਕੇ ਜਾਣੇ ਗਏ। ਉਨ੍ਹਾਂ ਨੇ ਕੁਝ ਸਾਲ ਪਹਿਲਾਂ ਹੀ ਗੁਰੂ ਘਰ ਨੂੰ ਸਮਰਪਿਤ ਹੁੰਦਿਆਂ ਆਪਣੀ ਨਿੱਜੀ ਜਾਇਦਾਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਮ ਕਰ ਦਿੱਤੀ ਸੀ । ਅਜਿਹੇ ਗੁਰਸਿੱਖ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ ਹਨ। ਕਰਤਾ ਪਰੁਖ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

More News

NRI Post
..
NRI Post
..
NRI Post
..