ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ 40 ਹਜ਼ਾਰ ਦੀ ਮਾਰੀ ਠੱਗੀ, ਮਾਮਲਾ ਦਰਜ

by jaskamal

ਨਿਊਜ਼ ਡੈਸਕ: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜਲਾਲਾਬਾਦ ਨਿਵਾਸੀ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ 40 ਹਜ਼ਾਰ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਵੈਰੋਵਾਲ ਪੁਲਸ ਨੇ ਇਕ ਵਿਅਕਤੀ ਖ਼ਿਲਾਫ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਅੰਗਰੇਜ਼ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਜਲਾਲਾਬਾਦ ਨੇ ਦੱਸਿਆ ਕਿ ਸਾਲ 2021 ਵਿਚ ਅਮਰਬੀਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਚੇਤਨਪੁਰਾ ਜ਼ਿਲ੍ਹਾ ਅੰਮ੍ਰਿਤਸਰ ਜੋ ਕਿ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ, ਉਸ ਦੇ ਲੜਕੇ ਹਰਮਨਦੀਪ ਸਿੰਘ ਨੂੰ ਵਿਦੇਸ਼ ਭੇਜਣ ਸਬੰਧੀ ਝਾਂਸੇ ਵਿਚ ਫਸਾ ਲਿਆ।

ਉਕਤ ਵਿਅਕਤੀ ਨੇ ਉਸ ਦੇ ਲੜਕੇ ਨੂੰ ਗ੍ਰੀਸ ਭੇਜਣ ਦੇ ਨਾਮ ’ਤੇ 10 ਲੱਖ 40 ਹਜ਼ਾਰ ਰੁਪਏ ਵਸੂਲ ਲਏ ਪਰ ਉਸ ਦੇ ਲੜਕੇ ਨੂੰ ਵਿਦੇਸ਼ ਨਹੀਂ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਦੀ ਸ਼ਿਕਾਇਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਹਰੀ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਅਮਰਬੀਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਚੇਤਨਪੁਰਾ ਜ਼ਿਲ੍ਹਾ ਅੰਮ੍ਰਿਤਸਰ ਖ਼ਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।