ਗੁਰਦਾਸਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਹੈਰੋਇਨ, ਹਥਿਆਰ ਅਤੇ ਇੱਕ ਵਾਹਨ ਸਮੇਤ ਕੀਤਾ ਗ੍ਰਿਫ਼ਤਾਰ

by jagjeetkaur

ਗੁਰਦਾਸਪੁਰ ਜ਼ਿਲ੍ਹਾ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ਵਿੱਚ ਹੈਰੋਇਨ, ਹਥਿਆਰ ਅਤੇ ਇੱਕ ਵਾਹਨ ਬਰਾਮਦ ਕੀਤਾ ਹੈ।

ਐਸ.ਐਸ.ਪੀ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਗੁਪਤ ਸੂਚਨਾ ਦੇ ਆਧਾਰ ‘ਤੇ ਸਰਬਜੀਤ ਸਿੰਘ ਉਰਫ਼ ਸਾਬੂ ਵਾਸੀ ਨਵਾਂ ਕਟੜਾ ਕਲਾਨੌਰ ਦੇ ਘਰ ਛਾਪਾ ਮਾਰਿਆ ਗਿਆ ਸੀ। ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮ ਭੱਜਣ ਦੀ ਨੀਅਤ ਨਾਲ ਮਕਾਨ ਦੀ ਛੱਤ ‘ਤੇ ਚੜ੍ਹ ਗਿਆ। ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ। ਉਪ ਕਪਤਾਨ ਪੁਲਿਸ, ਐਨ.ਡੀ.ਪੀ.ਐਸ.-ਕਮ ਨਾਰਕੋਟਿਕਸ ਗੁਰਦਾਸਪੁਰ ਅਜੈ ਕੁਮਾਰ ਦੀ ਹਾਜ਼ਰੀ ਵਿੱਚ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸਦੇ ਹੱਥ ਵਿੱਚ ਫੜੀ ਜੈਕਟ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਥਾਣਾ ਕਲਾਨੌਰ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਸ਼ੇ ਦਾ ਕਾਰੋਬਾਰ ਕਰਦਾ ਹੈ। ਜਿਨ੍ਹਾਂ ਖਿਲਾਫ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ 4 ਕੇਸ ਦਰਜ ਹਨ।

ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਨ ਮਗਰੋਂ ਉਸ ਕੋਲੋਂ ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ 12 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸੇ ਤਰ੍ਹਾਂ ਨਾਕਾ ਮਲਿਆਣਾ ਮੋੜ ਵਿਖੇ ਚੈਕਿੰਗ ਦੌਰਾਨ ਪੁਲਸ ਪਾਰਟੀ ਨੇ ਇਕ ਸਵਿਫਟ ਡਿਜ਼ਾਇਰ ਕਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਉਸ ਦੀ ਚੈਕਿੰਗ ਕੀਤੀ। ਕਾਰ ਸਵਾਰ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਮੱਲੀਆਂ ਅਤੇ ਜਤਿੰਦਰ ਸਿੰਘ ਵਾਸੀ ਸ਼ਾਹਪੁਰ ਕੰਢੀ ਕੋਲੋਂ 420 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਬਹਿਰਾਮਪੁਰ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।