ਲੋਕ ਸਭਾ ਹਲਕਾ ਅੰਮ੍ਰਿਤਸਰ : ਗੁਰਜੀਤ ਔਜਲਾ ਤੀਜੀ ਵਾਰ ਸੰਸਦ ਮੈਂਬਰ ਬਣੇ, AAP ਦੇ ਕੁਲਦੀਪ ਧਾਲੀਵਾਲ 40,301 ਵੋਟਾਂ ਨਾਲ ਹਰਾਇਆ

by vikramsehajpal

ਚੰਡੀਗ੍ਹੜ (ਸਾਹਿਬ): ਲੋਕ ਸਭਾ ਚੋਣਾਂ 2024 ਦੇ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਅੱਜ ਆ ਚੁੱਕੇ ਹਨ। ਕੌਮੀ ਚੋਣ ਕਮਿਸ਼ਨ ਵੱਲੋਂ ਵੈੱਬਸਾਈਟ ’ਤੇ ਜਾਰੀ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਨੇ 7, ਆਮ ਆਦਮੀ ਪਾਰਟੀ (AAP) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ।

ਦੱਸ ਦੇਈਏ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ 40,301 ਵੋਟਾਂ ਦੇ ਫਰਕ ਨਾਲ ‘AAP’ ਉਮੀਦਵਾਰ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਹਰਾਇਆ ਹੈ। ਗੁਰਜੀਤ ਔਜਲਾ ਨੂੰ ਕੁੱਲ 2,55,181 ਵੋਟਾਂ ਅਤੇ ਕੁਲਦੀਪ ਧਾਲੀਵਾਲ ਨੂੰ 2,14,880 ਹਾਸਲ ਹੋਈਆਂ ਹਨ।

ਇਸ ਦੌਰਾਨ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ 2,07,205 ਵੋਟਾਂ ਨਾਲ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ 1,62,896 ਵੋਟਾਂ ਨਾਲ ਚੌਥੇ ਸਥਾਨ ’ਤੇ ਰਹੇ। ਜ਼ਿਕਰਯੋਗ ਹੈ ਕਿ ਗੁਰਜੀਤ ਸਿੰਘ ਔਜਲਾ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਕੇਂਦਰੀ ਮੰਤਰੀ ਹਰਦੀਪ ਪੂਰੀ ਨੂੰ ਇਕ ਲੱਖ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਔਜਲਾ ਅੰਮ੍ਰਿਤਸਰ ਤੋਂ ਤੀਜੀ ਵਾਰ ਸੰਸਦ ਮੈਂਬਰ ਬਣੇ ਹਨ।