ਹਾਈਕੋਰਟ ਵੱਲੋਂ ਮਜੀਠੀਆ ਨੂੰ ਰਾਹਤ; 24 ਜਨਵਰੀ ਤਕ ਵਧਾਈ ਅੰਤ੍ਰਿਮ ਸੁਰੱਖਿਆ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਵੱਲੋਂ 20 ਦਸੰਬਰ ਨੂੰ ਦਰਜ ਕੀਤੇ ਗਏ ਨਸ਼ਿਆਂ ਦੇ ਕੇਸ 'ਚ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ 24 ਜਨਵਰੀ ਤਕ ਵਧਾ ਦਿੱਤੀ ਹੈ। ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਚੀਮਾ ਨੇ ਦੱਸਿਆ ਕਿ ਜਸਟਿਸ ਲੀਜ਼ਾ ਗਿੱਲ ਦੀ ਬੈਂਚ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਦੀ ਮੁੜ ਸ਼ੁਰੂ ਹੋਈ ਸੁਣਵਾਈ ਦੌਰਾਨ ਇਹ ਹੁਕਮ ਦਿੱਤਾ ਗਿਆ।

10 ਜਨਵਰੀ ਨੂੰ ਹਾਈਕੋਰਟ ਨੇ ਮਜੀਠੀਆ ਨੂੰ 12 ਜਨਵਰੀ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ ਸੀ ਤੇ ਪੁਲਿਸ ਨੂੰ ਵੀ ਉਸ ਨੂੰ ਗ੍ਰਿਫਤਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਕਰੀਬ 20 ਦਿਨਾਂ ਤਕ ਰੂਪੋਸ਼ ਰਹਿਣ ਤੋਂ ਬਾਅਦ, ਮਜੀਠੀਆ ਹਾਈ ਕੋਰਟ ਵੱਲੋਂ ਉਨ੍ਹਾਂ ਨੂੰ ਅੰਤਰਿਮ ਸੁਰੱਖਿਆ ਦੇਣ ਤੋਂ ਇਕ ਦਿਨ ਬਾਅਦ ਸਾਹਮਣੇ ਆਇਆ। ਉਹ ਮੋਹਾਲੀ 'ਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਸਾਹਮਣੇ ਪੇਸ਼ ਹੋਏ ਸਨ।