ਬੇਅਦਬੀ ਮਾਮਲੇ ‘ਚ ਨੈਨ ਤੋਂ ਪੁੱਛਗਿੱਛ ਕਰਨੀ ਹੈ ਤਾਂ ਡੇਰੇ ਜਾਓ; ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ

by jaskamal

ਨਿਊਜ਼ ਡੈਸਕ (ਜਸਕਮਲ) : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਵੀਰਵਾਰ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਪੁਲਿਸ ਦੀ ਐੱਸਆਈਟੀ ਨੂੰ ਕਿਹਾ ਹੈ ਕਿ ਜੇਕਰ ਉਸ ਨੇ ਡੇਰੇ ਦੇ ਵਾਈਸ ਚੇਅਰਮੈਨ ਤੋਂ ਪੁੱਛਗਿੱਛ ਕਰਨੀ ਹੈ ਤਾਂ ਉਹ ਡੇਰੇ 'ਚ ਜਾ ਕੇ ਹੀ ਪੁੱਛਗਿੱਛ ਕਰਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡੇਰਾ ਸੱਚਾ ਸੌਦਾ ਸਿਰਸਾ (Dera Sacha Souda) ਦੇ ਚੇਅਰਮੈਨ ਪ੍ਰਿਥਵੀ ਰਾਜ ਨੈਨ ਨੇ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Cour) 'ਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਜੇਕਰ ਪੰਜਾਬ ਪੁਲਿਸ (Punjab Police) ਦੀ ਐੱਸਆਈਟੀ (SIT), ਬੇਅਦਬੀ ਜਾਂ ਕਿਸੇ ਹੋਰ ਮਾਮਲੇ 'ਚ ਉਸ ਤੋਂ ਪੁੱਛਗਿੱਛ ਜਾਂ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਇਸ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ (Punjab Government) ਨੂੰ ਨੋਟਿਸ (Notice Issued) ਜਾਰੀ ਕਰ ਕੇ ਜਵਾਬ ਮੰਗਿਆ ਸੀ।

ਵੀਰਵਾਰ ਪਟੀਸ਼ਨ 'ਤੇ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਪੁਲਿਸ ਦੀ ਐੱਸਆਈਟੀ ਨੂੰ ਹੁਕਮ ਦਿੱਤੇ ਕਿ ਜੇਕਰ ਉਸ ਨੇ ਬੇਅਦਬੀ ਮਾਮਲੇ 'ਚ ਡੇਰੇ ਦੇ ਵਾਈਸ ਚੇਅਰਮੈਨ ਕੋਲੋਂ ਪੁੱਛਗਿਛ ਕਰਨੀ ਹੈ ਤਾਂ ਉਸ ਕੋਲ ਡੇਰੇ 'ਚ ਹੀ ਜਾਣਾ ਪਵੇਗਾ। ਸੁਣਵਾਈ ਦੌਰਾਨ ਸਰਕਾਰ ਤਰਫੋਂ ਐਡਵੋਕੇਟ ਜਨਰਲ ਪਟਵਾਲੀਆ ਨੇ ਸਪੱਸ਼ਟ ਕੀਤਾ ਕਿ ਨੈਨ ਕੋਲੋਂ ਇਸ ਕੇਸ 'ਚ ਗਵਾਹ ਵਜੋਂ ਪੁੱਛਗਿੱਛ ਕੀਤੀ ਜਾਣੀ ਹੈ।

ਉਨ੍ਹਾਂ ਅਦਾਲਤ 'ਚ ਕਿਹਾ ਕਿ ਇਸ ਕੇਸ ਦਾ ਰਿਕਾਰਡ ਬਹੁਤ ਵੱਡਾ ਹੈ, ਇਸ ਲਈ ਨੈਨ ਨੂੰ ਐੱਸਆਈਟੀ ਦੇ ਸਾਹਮਣੇ ਪੇਸ਼ ਹੋਣਾ ਹੋਵੇਗਾ। ਇਸ 'ਤੇ ਨੈਨ ਤਰਫੋਂ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਨੈਨ ਦੀ ਉਮਰ ਹੁਣ 71 ਸਾਲ ਹੈ ਤੇ ਸੀਆਰਪੀਸੀ ਇਸ ਅਨੁਸਾਰ 65 ਸਾਲ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਕੋਲ ਜਾ ਕੇ ਹੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਸ 'ਤੇ ਹਾਈਕੋਰਟ ਨੇ ਐੱਸਆਈਟੀ ਨੈਨ ਕੋਲ ਜਾ ਕੇ ਪੁੱਛਗਿੱਛ ਕਰਨ ਦੇ ਹੁਕਮ ਦਿੱਤੇ ਹਨ ਤੇ ਸੁਣਵਾਈ ਅਗਲੇ ਮੰਗਲਵਾਰ ਤਕ ਮੁਲਤਵੀ ਕਰ ਦਿੱਤੀ ਗਈ ਹੈ।