ਜਲੰਧਰ (ਰਾਘਵ): ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਅਪਡੇਟ ਅਨੁਸਾਰ, 20 ਜੁਲਾਈ ਦੀ ਰਾਤ ਤੋਂ 22 ਜੁਲਾਈ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਮੌਨਸੂਨ ਗਤੀਵਿਧੀਆਂ 'ਚ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਮੁਤਾਬਕ 21 ਜੁਲਾਈ 2025 ਨੂੰ ਕੁਝ ਨਿਰਧਾਰਤ ਇਲਾਕਿਆਂ ਵਿੱਚ "ਬਹੁਤ ਭਾਰੀ ਮੀਂਹ" ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਹੇਠਲੇ ਇਲਾਕਿਆਂ ਨੂੰ ਨੁਕਸਾਨ ਹੋ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 21 ਅਤੇ 22 ਜੁਲਾਈ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। ਇਨ੍ਹਾਂ ਤਾਰੀਖ਼ਾਂ ਨੂੰ ਪਠਾਨਕੋਟ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ ਅਤੇ ਬਰਨਾਲਾ ਜ਼ਿਲ੍ਹਿਆਂ 'ਚ ਹਨ੍ਹੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ 23 ਅਤੇ 24 ਜੁਲਾਈ ਨੂੰ ਮੌਸਮ ਫਿਰ ਖ਼ੁਸ਼ਕ ਰਹੇਗਾ ਅਤੇ ਇਨ੍ਹਾਂ ਦਿਨਾਂ ਲਈ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।



