CM ਮਾਨ ਦੇ ਵਿਆਹ ‘ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਅਹਿਮ ਬਿਆਨ

by jaskamal

ਨਿਊਜ਼ ਡੈਸਕ : ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਆਹ ਨੂੰ ਲੈ ਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸ਼ੁੱਭ-ਕਾਮਨਾਵਾਂ ਦਿੱਤੀਆਂ, ਉੱਥੇ ਹੀ ਕਿਹਾ ਕਿ ਕੁਝ ਲੋਕ ਇਸ ਵਿਆਹ ’ਤੇ ਗ਼ਲਤ ਟਿੱਪਣੀਆਂ ਕਰ ਰਹੇ ਹਨ, ਜਿਸ ਦਾ ਉਨ੍ਹਾਂ ਨੂੰ ਕੋਈ ਹੱਕ ਨਹੀਂ ਕਿਉਂਕਿ ਇਹ ਮੁੱਖ ਮੰਤਰੀ ਦੀ ਨਿੱਜੀ ਜ਼ਿੰਦਗੀ ਦਾ ਫ਼ੈਸਲਾ ਹੈ। ਢੱਡਰੀਆਂ ਵਾਲਿਆਂ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਲੋਕ ਮੁੱਖ ਮੰਤਰੀ ਦੀ ਉਮਰ ਜ਼ਿਆਦਾ ਅਤੇ ਲੜਕੀ ਦੀ ਉਮਰ ਘੱਟ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਟਿੱਪਣੀਆਂ ਕਰ ਰਹੇ ਹਨ, ਜਦਕਿ ਸਾਨੂੰ ਮੁੱਖ ਮੰਤਰੀ ਦੀ ਨਿੱਜੀ ਜ਼ਿੰਦਗੀ 'ਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ।

ਉਨ੍ਹਾਂ ਕਿਹਾ ਅਸੀਂ ਮੁੱਖ ਮੰਤਰੀ ਨੂੰ ਪੰਜਾਬ ਨੂੰ ਖੁਸ਼ਹਾਲ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਸਵਾਲ ਪੁੱਛ ਸਕਦੇ ਹਾਂ ਪਰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਕਿਸ ਤਰ੍ਹਾਂ ਦੀ ਹੈ, ਉਸ ਬਾਰੇ ਸਾਨੂੰ ਕਿਸੇ ਤਰ੍ਹਾਂ ਦੀ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕਹਿਣ ਕਿ ਮੈਂ ਵਿਆਹ ਨਹੀਂ ਕਰਵਾਉਂਦਾ ਜਾਂ ਫਿਰ 30 ਸਾਲ ਦੀ ਬਜਾਏ 40 ਸਾਲ ਦੀ ਉਮਰ ਦੀ ਲੜਕੀ ਨਾਲ ਵਿਆਹ ਕਰਾਵਾਂ ਤਾਂ ਉਸ ਨਾਲ ਪੰਜਾਬ ਦੇ ਮਸਲੇ ਹੱਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਆਦਤ ਪਾਉਣੀ ਚਾਹੀਦੀ ਹੈ ਕਿ ਕਿਸੇ ਦੀ ਨਿੱਜੀ ਜ਼ਿੰਦਗੀ ਵਿਚ ਦਖ਼ਲਅੰਦਾਜ਼ੀ ਕਰਨ ਦੀ ਬਜਾਏ ਪੰਜਾਬ ਦੀ ਤਰੱਕੀ ਵਾਸਤੇ ਗੱਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੰਗਾ ਲੱਗਾ ਕਿ ਮੁੱਖ ਮੰਤਰੀ ਅਤੇ ਉਸ ਦੀ ਪਤਨੀ ਦੋਵਾਂ ਨੇ ਇੱਛਾ ਪ੍ਰਗਟਾਅ ਕੇ ਵਿਆਹ ਕਰਵਾ ਲਿਆ ਅਤੇ ਆਪਣੀ ਜ਼ਿੰਦਗੀ ਚੰਗੇ ਢੰਗ ਨਾਲ ਬਤੀਤ ਕਰਨ।