ਹਿਜਾਬ ਵਿਵਾਦ ’ਤੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ, ਹੋਲੀ ਤੋਂ ਬਾਅਦ ਹੋਵੇਗੀ ਸੁਣਵਾਈ

by jaskamal

ਨਿਊਜ਼ ਡੈਸਕ : ਕਰਨਾਟਕ ਦਾ ਹਿਜਾਬ ਵਿਵਾਦ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਹਿਜਾਬ ਵਿਵਾਦ ’ਤੇ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਸੁਣਵਾਈ ਲਈ ਤਿਆਰ ਹੋ ਗਈ ਹੈ। ਦਰਅਸਲ ਸੀਨੀਅਰ ਵਕੀਲ ਸੰਜੇ ਹੈਗੜੇ ਵੱਲੋਂ ਸੁਪਰੀਮ ਕੋਰਟ ’ਚ ਤੁਰੰਤ ਸੁਣਵਾਈ ਲਈ ਹਿਜਾਬ ਪਾਬੰਦੀ ਦੇ ਮਾਮਲੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਨਾਲ ਜੁੜੀਆਂ ਪਟੀਸ਼ਨਾਂ ਨੂੰ ਸੂਚੀਬੱਧ ਕਰਨ ’ਤੇ ਵਿਚਾਰ ਕਰੇਗੀ।

ਕਰਨਾਟਕ ਹਾਈ ਕੋਰਟ ਨੇ ਸਕੂਲ-ਕਾਲਜਾਂ ’ਚ ਹਿਜਾਬ ’ਤੇ ਪਾਬੰਦੀ ਲਗਾਉਣ ਦੇ ਕਰਨਾਟਕ ਸਰਕਾਰ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਸੀ ਤੇ ਹਿਜਾਬ ’ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ ਸੀ। ਹਾਲਾਂਕਿ ਹਿਜਾਬ ਮਾਮਲੇ ’ਚ ਕਰਨਾਟਕ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ’ਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਸ ਦੌਰਾਨ ਵਿਦਿਆਰਥੀਆਂ ਨੇ ਸੁਪਰੀਮ ਕੋਰਟ ਤੋਂ ਮਾਮਲੇ ਦੀ ਜਲਦੀ ਸੁਣਵਾਈ ਦੀ ਮੰਗ ਕੀਤੀ ਪਰ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਇਸ ਮਾਮਲੇ ਦੀ ਸੁਣਵਾਈ ਸੰਭਵ ਨਹੀਂ ਹੈ। ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਹੀ ਹਿਜਾਬ ਮਾਮਲੇ ਦੀ ਸੁਣਵਾਈ ਹੋਵੇਗੀ।