ਪੱਤਰ ਪ੍ਰੇਰਕ : ਕਾਊਂਟਰ ਇੰਟੈਲੀਜੈਂਸ ਪੁਲਸ ਨੇ ਜਲੰਧਰ 'ਚ ਮਾਂ-ਧੀ ਦੇ ਕਤਲ ਮਾਮਲੇ 'ਚ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਇੱਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ-ਜਲੰਧਰ ਨੇ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਗੈਂਗਸਟਰ ਵਿਦੇਸ਼ੀ ਮੂਲ ਦੇ ਗੈਂਗਸਟਰ ਸੋਨੂੰ ਖੱਤਰੀ ਦਾ ਸਰਗਨਾ ਹੈ ਅਤੇ ਉਸ ਦੇ ਕਹਿਣ 'ਤੇ ਵਾਰਦਾਤਾਂ ਕਰਦਾ ਸੀ।

ਗ੍ਰਿਫਤਾਰੀ ਦੌਰਾਨ ਉਸ ਦੇ ਕਬਜ਼ੇ 'ਚੋਂ 2 ਪਿਸਤੌਲ ਅਤੇ 8 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਨੇ ਦੱਸਿਆ ਕਿ ਗੈਂਗਸਟਰ ਜੱਸਾ ਜਲੰਧਰ ਦਿਹਾਤੀ ਦੇ ਪਿੰਡ ਭੋਜੋਵਾਲ ਵਿੱਚ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ ਅਤੇ ਹੋਰ ਘਿਨਾਉਣੇ ਅਪਰਾਧਾਂ ਸਮੇਤ ਕਤਲ ਦੇ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ। ਪੰਜਾਬ ਦੇ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਦੱਸ ਦੇਈਏ ਕਿ ਜਲੰਧਰ ਦੇ ਪਤਾਰਾ ਥਾਣਾ ਅਧੀਨ ਪੈਂਦੇ ਪਿੰਡ ਭੋਜੋਵਾਲ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੰਨਾ ਹੀ ਨਹੀਂ, ਇਸ ਤੋਂ ਬਾਅਦ ਲਾਸ਼ 'ਤੇ ਪੈਟਰੋਲ ਛਿੜਕ ਕੇ ਸਾੜ ਵੀ ਦਿੱਤੀ ਗਈ। ਇਸ ਘਟਨਾ ਨੂੰ ਅਮਰੀਕਾ ਰਹਿੰਦੇ ਜਵਾਈ ਨੇ ਅੰਜਾਮ ਦਿੱਤਾ ਹੈ। ਦੱਸ ਦੇਈਏ ਕਿ ਮ੍ਰਿਤਕਾਂ ਦੀ ਪਛਾਣ ਰਣਜੀਤ ਕੌਰ ਮਾਂ ਅਤੇ ਬੇਟੀ ਪ੍ਰੀਤੀ ਵਾਸੀ ਅਮਰ ਨਗਰ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਪ੍ਰੀਤੀ ਦੇ ਪਤੀ ਜੱਸਾ, ਰੰਧਾਵਾ ਮਸੰਦਾ ਦੇ ਰਹਿਣ ਵਾਲੇ ਸ਼ੂਟਰ ਜੱਸਾ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।



