ਮੋਦੀ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਨਾਲ ਭਾਰਤੀ ਬਾਜ਼ਾਰਾਂ ਦੀ ਕਾਰਗੁਜ਼ਾਰੀ ਵਿੱਚ ਹੋਵੇਗਾ ਸੁਧਾਰ : ਬਾਇਡਨ

by vikramsehajpal

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕਾ ਦੇ ਬਾਇਡਨ ਪ੍ਰਸ਼ਾਸਨ ਨੇ ਮੋਦੀ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਕਾਨੂੰਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ਼ ਭਾਰਤੀ ਬਾਜ਼ਾਰਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਵੇਗਾ, ਬਲਕਿ ਨਿੱਜੀ ਖੇਤਰ ਨੂੰ ਨਿਵੇਸ਼ ਦਾ ਖੁੱਲ੍ਹਾ ਮੌਕਾ ਮਿਲੇਗਾ।

ਦਿੱਲੀ ਦੀਆਂ ਬਰੂਹਾਂ ’ਤੇ ਖੇਤੀ ਕਾਨੂੰਨਾਂ ਖਿਲਾਫ਼ ਡਟੇ ਕਿਸਾਨਾਂ ਦੇ ਹਵਾਲੇ ਨਾਲ ਬਾਇਡਨ ਪ੍ਰਸ਼ਾਸਨ ਨੇ ਕਿਹਾ ਕਿ ਅਮਨ-ਅਮਾਨ ਨਾਲ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਧ-ਫੁੱਲ ਰਹੀ ਜਮਹੂਰੀਅਤ ਦਾ ਪ੍ਰਮਾਣ ਹੈ। ਉਂਜ ਅਮਰੀਕੀ ਵਿਦੇਸ਼ ਮੰਤਰਾਲੇ ਨੇ ਖੇਤੀ ਕਾਨੂੰਨਾਂ ਨੂੰ ਲੈ ਕੇੇ ਦੋਵੇਂ ਧਿਰਾਂ (ਸਰਕਾਰ ਤੇ ਕਿਸਾਨ ਆਗੂਆਂ) ਦਰਮਿਆਨ ਬਣੇ ਜਮੂਦ ਨੂੰ ਤੋੜਨ ਤੇ ਮਸਲੇ ਦਾ ਹੱਲ ਸੰਵਾਦ ਰਾਹੀਂ ਕੱਢਣ ਦੀ ਵਕਾਲਤ ਕੀਤੀ। ਇਸ ਦੌਰਾਨ ਕਈ ਅਮਰੀਕੀ ਕਾਨੂੰਨਸਾਜ਼ਾਂ ਨੇ ਮੂਹਰੇ ਹੋ ਕੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ।

ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੇ ਪੱਤਰਕਾਰਾਂ ਵੱਲੋਂ ਭਾਰਤ ਵਿੱਚ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ, ‘ਅਮਰੀਕਾ ਭਾਰਤੀ ਬਾਜ਼ਾਰਾਂ ਦੀ ਸਮਰੱਥਾ ਵਿੱਚ ਸੁਧਾਰ ਲਿਆਉਣ ਤੇ ਨਿੱਜੀ ਖੇਤਰ ਦੀਆਂ ਕੰਪਨੀਆਂ ਨੂੰ ਨਿਵੇਸ਼ ਲਈ ਆਕਰਸ਼ਿਤ ਕਰਨ ਲਈ ਚੁੱਕੇ ਕਦਮਾਂ ਦਾ ਸਵਾਗਤ ਕਰਦਾ ਹੈ।’ ਤਰਜਮਾਨ ਨੇ ਇਸ਼ਾਰਾ ਕੀਤਾ ਕਿ ਨਵਾਂ ਬਾਇਡਨ ਪ੍ਰਸ਼ਾਸਨ ਭਾਰਤ ਸਰਕਾਰ ਵੱਲੋਂ ਖੇਤੀ ਸੈਕਟਰ ਵਿੱਚ ਸੁਧਾਰਾਂ ਲਈ ਕੀਤੀ ਪੇਸ਼ਕਦਮੀ ਦੀ ਪੁਸ਼ਟੀ ਤੇ ਹਮਾਇਤ ਕਰਦਾ ਹੈ। ਤਰਜਮਾਨ ਨੇ ਕਿਹਾ, ‘ਅਸੀਂ ਇਹ ਮੰਨਦੇ ਹਾਂ ਕਿ ਸ਼ਾਂਤੀਪੂਰਵਕ ਕੀਤੇ ਜਾਣ ਵਾਲੇ ਅੰਦੋਲਨ ਕਿਸੇ ਵੀ ਪ੍ਰਫੁਲਿਤ ਹੋ ਰਹੀ ਜਮਹੂਰੀਅਤ ਦਾ ਪ੍ਰਮਾਣ ਹੈ ਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਇਹੀ ਕਿਹਾ ਹੈ।’