ਪੱਤਰ ਪ੍ਰੇਰਕ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਚੱਲੇ ਅੰਦੋਲਨ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿੱਚ 14 ਮਾਰਚ ਨੂੰ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਮਹਾਂਪੰਚਾਇਤ ਬੁਲਾਈ ਗਈ ਹੈ। ਇਸ ਵਿੱਚ ਸ਼ਾਮਿਲ ਹੋਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਲਈ ਰਵਾਨਾ ਹੋਏ ਨੇ। ਮਾਨਸਾ ਤੋਂ ਵੀ ਅੱਜ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਅਤੇ ਔਰਤਾਂ ਟ੍ਰੇਨ ਰਾਹੀਂ ਦਿੱਲੀ ਲਈ ਰਵਾਨਾ ਹੋਏ।
ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ ਅਤੇ ਇਹਨਾਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਜੋ ਕਿਸਾਨ ਮਹਾਂਪੰਚਾਇਤ ਹੋ ਰਹੀ ਹੈ । ਉਸ ਵਿੱਚ ਸ਼ਾਮਿਲ ਹੋ ਕੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਕਿ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਇਆ ਜਾ ਸਕੇ।
ਉਹਨਾਂ ਕਿਹਾ ਕਿ ਪਿਛਲੇ ਦਿਨੀ ਦਿੱਲੀ ਜਾ ਰਹੇ ਕਿਸਾਨਾਂ 'ਤੇ ਹਰਿਆਣਾ ਦੇ ਬਾਰਡਰਾਂ 'ਤੇ ਕੀਤੇ ਅੱਤਿਆਚਾਰ ਅਤੇ ਨੌਜਵਾਨ ਕਿਸਾਨ ਨੂੰ ਸ਼ਹੀਦ ਕੀਤੇ ਜਾਣ ਦੇ ਵਿਰੋਧ ਵਿੱਚ ਵੀ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਮਹਾਂਪੰਚਾਇਤ ਦੇ ਵਿੱਚ ਜੋ ਵੀ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਸ ਵਾਰ ਫਿਰ ਕਿਸਾਨ ਵੱਡੀ ਤਾਦਾਦ ਦੇ ਵਿੱਚ ਦਿੱਲੀ 'ਚ ਪਹੁੰਚ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ।