ਪੱਤਰ ਪ੍ਰੇਰਕ : ਪੰਜ ਸਿੰਘ ਸਾਹਿਬਾਨਾਂ ਦੀ ਇੱਕ ਅਹਿਮ ਮੀਟਿੰਗ ਅੱਜ 6 ਦਸੰਬਰ 2023 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹੋਈ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਸਾਹਿਬ ਸਿੰਘ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਸਿੱਖ ਕੌਮ ਦੇ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੇਜੇ ਗਏ ਹੁੰਗਾਰੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਅਤੇ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ।
ਜਿਸ ਅਨੁਸਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੇ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਵਾਉਣ ਤੇ ਉਨ੍ਹਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲ਼ਬਾਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇਕ ਉਚ ਪੱਧਰੀ ਵਫਦ ਦਾ ਗਠਨ ਕੀਤਾ ਗਿਆ ਹੈ, ਜੋ ਤੁਰੰਤ ਆਪਣਾ ਕੰਮ ਸ਼ੁਰੂ ਕਰੇਗਾ। ਜੇਕਰ ਕੇਂਦਰ ਸਰਕਾਰ ਭਾਈ ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ 31 ਦਸੰਬਰ 2023 ਤਕ ਰੱਦ ਨਹੀਂ ਕਰਦੀ ਤਾਂ ਰਾਜੋਆਣਾ ਦੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਾਰ-ਬਾਰ ਭੇਜੀ ਪ੍ਰਤੀਕਿਰਿਆ ਦੇ ਮੱਦੇਨਜ਼ਰ ਐਸਜੀਪੀਸੀ ਸ੍ਰੀ ਅਕਾਲ ਤਖਤ ਸਾਹਿਬ ਉਤੇ ਆਪਣਾ ਪਾਈ ਹੋਈ ਅਪੀਲ ਉਤੇ ਵਿਚਾਰ ਕਰੇਗਾ।


